ਕੈਨੇਡਾ ਦੇ ਰੱਖਿਆ ਮੰਤਰੀ ਦੇ ਸਲਾਹਕਾਰਾਂ ਨੇ ਪ੍ਰੋ. ਬਡੂੰਗਰ ਨਾਲ ਮਿਲਣੀ ਕੀਤੀ

0
4371

ਸੱਜਣ ਨੂੰ ਸ੍ਰੀ ਹਰਿਮੰਦਰ ਸਾਹਿਬ ਆਉਣ ‘ਤੇ ਸਨਮਾਨਿਤ ਕਰਾਂਗੇ
ਅੰਮ੍ਰਿਤਸਰ : ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਦੇ ਨਿੱਜੀ ਸਹਾਇਕ ਮਨਜੀਤ ਸਿੰਘ ਵਿਨਿੰਗ, ਸੁਰੱਖਿਆ ਸਲਾਹਕਾਰ ਕਰਨਲ ਮਾਰਕ ਬਸਾਲਟ ਤੇ ਮਾਰਕੋ ਪੋਪਿਕ ਸਮੇਤ ਡੇਵਿਡ ਜੈਨ ਤੇ ਕੈਨੇਡੀਅਨ ਹਾਈ ਕਮਿਸ਼ਨ ਦੇ ਅਧਿਕਾਰੀਆਂ ਨੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨਾਲ ਮੁਲਾਕਾਤ ਕੀਤੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਗੁਰਬਾਣੀ ਕੀਰਤਨ ਸਰਵਣ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸਿੱਖਾਂ ਨੇ ਆਪਣੀ ਮਿਹਨਤ ਤੇ ਲਿਆਕਤ ਨਾਲ ਵਿਸ਼ਵ ਪੱਧਰ ‘ਤੇ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਨ ਤੇ ਕੈਨੇਡਾ ਸਰਕਾਰ ‘ਚ ਰੱਖਿਆ ਮੰਤਰਾਲੇ ਦੀ ਅਹਿਮ ਜ਼ਿੰਮੇਵਾਰੀ ਇਕ ਅੰਮ੍ਰਿਤਧਾਰੀ ਸਿੱਖ ਦੇ ਹੱਥ ਹੋਣੀ ਸਮੁੱਚੀ ਸਿੱਖ ਕੌਮ ਲਈ ਵੱਡੇ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਕੈਨੇਡਾ ਸਰਕਾਰ ਵੱਲੋਂ ਸਿੱਖਾਂ ਨੂੰ ਆਪਣੀ ਸਰਕਾਰ ‘ਚ ਮੰਤਰੀ ਪਦ ‘ਤੇ ਸੁਸ਼ੋਭਿਤ ਕਰਨ ਦੇ ਨਾਲ-ਨਾਲ ਕਾਮਾਗਾਟਾਮਾਰੂ ਦੀ ਘਟਨਾ ਲਈ ਸੰਸਦ ‘ਚ ਮੁਆਫੀ ਮੰਗਣੀ ਸਿੱਖ ਕੌਮ ਲਈ ਵੱਡੇ ਅਰਥ ਰੱਖਦੀ ਹੈ। ਇਸ ਨਾਲ ਸਿੱਖਾਂ ਦੇ ਦਿਲਾਂ ‘ਚ ਕੈਨੇਡਾ ਸਰਕਾਰ ਪ੍ਰਤੀ ਸਤਿਕਾਰ ਦੀ ਭਾਵਨਾ ਹੋਰ ਵਧੀ ਹੈ। ਉਨ੍ਹਾਂ ਕਿਹਾ ਕਿ ਹਰਜੀਤ ਸਿੰਘ ਸੱਜਣ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਲਈ ਪੁੱਜਣ ‘ਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਸਮੇਂ ਪ੍ਰੋ. ਬਡੂੰਗਰ ਨੇ ਮਨਜੀਤ ਸਿੰਘ ਵਿਨਿੰਗ, ਕਰਨਲ ਮਾਰਕ ਬਸਾਲਟ ਤੇ ਮਾਰਕੋ ਪੋਪਿਕ ਤੇ ਹੋਰਨਾਂ ਨੂੰ ਧਾਰਮਿਕ ਪੁਸਤਕਾਂ ਦਾ ਸੈਟ ਦੇ ਕੇ ਸਨਮਾਨਿਤ ਕੀਤਾ।