ਸੰਗਰੂਰ: ਦਿੱਲੀ ਦੇ ਭਾਜਪਾ ਆਗੂ ਤੇਜਿੰਦਰਪਾਲ ਸਿੰਘ ਬੱਗਾ ਦੀ ਗ੍ਰਿਫ਼ਤਾਰੀ ਖ਼ਿਲਾਫ਼ ਇਥੇ ਅੱਜ ਭਾਜਪਾ ਯੁਵਾ ਮੋਰਚਾ ਦੇ ਵਰਕਰਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ ਕੀਤਾ। ਜਿਉਂ ਹੀ ਭਾਜਪਾ ਵਰਕਰਾਂ ਨੇ ਜਬਰੀ ਮੁੱਖ ਮੰਤਰੀ ਦੀ ਕੋਠੀ ਵੱਲ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲੀਸ ਨੇ ਉਨ੍ਹਾਂ ਨੂੰ ਨਾਕਾਬੰਦੀ ਕਰ ਕੇ ਰੋਕ ਲਿਆ। ਇਸ ਦੌਰਾਨ ਭਾਜਪਾ ਵਰਕਰਾਂ ਅਤੇ ਪੁਲੀਸ ਵਿਚਕਾਰ ਖਿੱਚ-ਧੂਹ ਵੀ ਹੋਈ ਅਤੇ ਭਾਜਪਾ ਵਰਕਰਾਂ ਨੇ ਬੈਰੀਕੇਡ ਉਖਾੜ ਦਿੱਤੇ। ਪੁਲੀਸ ਨੇ ਕਾਫ਼ੀ ਜਦੋ-ਜਹਿਦ ਮਗਰੋਂ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕਿਆ। ਭਾਜਪਾ ਯੁਵਾ ਮੋਰਚਾ ਦੇ ਸੂਬਾ ਪ੍ਰਧਾਨ ਭਾਨੂੰ ਪ੍ਰਤਾਪ ਰਾਣਾ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਦਿਓਲ ਦੀ ਅਗਵਾਈ ਹੇਠ ਭਾਜਪਾ ਵਰਕਰਾਂ ਵੱਲੋਂ ਇਥੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਜਿਉਂ ਹੀ ਭਾਜਪਾ ਵਰਕਰਾਂ ਨੇ ਅੱਗੇ ਵਧਣ ਦੀ ਕੋਸ਼ਿਸ਼ ਕਰਦਿਆਂ ਬੈਰੀਕੇਡ ਉਖਾੜੇ ਤਾਂ ਪੁਲੀਸ ਨਾਲ ਖਿੱਚ-ਧੂਹ ਹੋਈ ਪਰੰਤੂ ਪੁਲੀਸ ਨੇ ਅੱਗੇ ਨਹੀਂ ਵਧਣ ਦਿੱਤਾ। ਇਸ ਮੌਕੇ ਭਾਨੂੰ ਪ੍ਰਤਾਪ ਰਾਣਾ ਅਤੇ ਰਣਦੀਪ ਸਿੰਘ ਦਿਓਲ ਨੇ ਦੋਸ਼ ਲਾਇਆ ਕਿ ਪੰਜਾਬ ਦੀ ਮਾਨ ਸਰਕਾਰ ਨੇ ਪੰਜਾਬ ਪੁਲੀਸ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਹੱਥਾਂ ਵਿੱਚ ਗਿਰਵੀ ਰੱਖ ਦਿੱਤਾ ਹੈ ਅਤੇ ਪੰਜਾਬ ਦੇ ਵੱਡੇ-ਵੱਡੇ ਮੁੱਦਿਆਂ ਨੂੰ ਛੱਡ ਕੇ ਪੰਜਾਬ ਸਰਕਾਰ ਅਰਵਿੰਦ ਕੇਜਰੀਵਾਲ ਦੀ ਸੇਵਾ ਵਿੱਚ ਲੱਗੀ ਹੋਈ ਹੈ। ਉਨ੍ਹਾਂ ਭਾਜਪਾ ਆਗੂ ਤੇਜਿੰਦਰਪਾਲ ਸਿੰਘ ਬੱਗਾ ਦੀ ਗ੍ਰਿਫ਼ਤਾਰੀ ਨੂੰ ਗੈਰਕਾਨੂੰਨੀ ਕਰਾਰ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੱਤਾ ਦੇ ਨਸ਼ੇ ਵਿੱਚ ਕਾਨੂੰਨ ਆਪਣੇ ਹੱਥ ਵਿੱਚ ਨਹੀਂ ਲੈਣਾ ਚਾਹੀਦਾ। ਉਨ੍ਹਾਂ ਮੰਗ ਕੀਤੀ ਕਿ ਸਿਆਸੀ ਬਦਲਾਖੋਰੀ ਤਹਿਤ ਪੰਜਾਬ ਪੁਲੀਸ ਦੀ ਦੁਰਵਰਤੋਂ ਕਰਨੀ ਬੰਦ ਕੀਤੀ ਜਾਵੇ ਅਤੇ ‘ਆਪ’ ਸਰਕਾਰ ਅਜਿਹੀਆਂ ਗੈਰਕਾਨੂੰਨੀ ਗਤੀਵਿਧੀਆਂ ਛੱਡ ਕੇ ਪੰਜਾਬ ਦੇ ਅਹਿਮ ਮੁੱਦਿਆਂ ਵੱਲ ਧਿਆਨ ਦੇਵੇ। ਇਸ ਮੌਕੇ ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਅਮ੍ਰਿੰਤਪਾਲ ਚੱਠਾ, ਨਵਦੀਪ ਸਿੰਘ, ਦੀਪਾਂਸ਼ੂ ਘਈ, ਸੀਨੂੰ ਗੋਇਲ, ਜਗਦੀਪ ਸਿੰਘ ਤੂਰ, ਪ੍ਰਦੀਪ ਗਰਗ, ਮੀਨਾ ਖੋਖਰ, ਨੀਰੂ ਤੁਲੀ, ਲਕਸ਼ਮੀ ਦੇਵੀ, ਸਿਰੇਸ਼ ਬੇਦੀ, ਜਸਵਿੰਦਰ ਕਾਕਾ, ਡਾ. ਮੱਖਣ ਸਿੰਘ, ਡਾ. ਭਗਵਾਨ ਸਿੰਘ, ਇੰਦਰਜੀਤ ਸਿੰਘ, ਵਿਸ਼ਾਲ ਸੋਨੂੰ ਅਤੇ ਸੰਜੀਵ ਜਿੰਦਲ ਮੌਜੂਦ ਸਨ।