ਮਾਨਸਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਬਾਅਦ ਦੁਪਹਿਰ ਮਾਨਸਾ ਵਿਖੇ ਗੁਲਾਬੀ ਸੁੰਡੀ ਕਾਰਨ ਖ਼ਰਾਬ ਹੋਈ ਨਰਮੇ ਦੀ ਫਸਲ ਸਬੰਧੀ ਰਾਸ਼ੀ ਕਿਸਾਨਾਂ-ਮਜ਼ਦੂਰਾਂ ਨੂੰ ਵੰਡੀ। ਇਸ ਰਾਸ਼ੀ ਨੂੰ ਹਾਸਲ ਕਰਨ ਲਈ ਵੱਖ ਵੱਖ ਕਿਸਾਨ ਮਜ਼ਦੂਰ ਜਥੇਬੰਦੀਆਂ ਨੇ ਸਰਕਾਰ ਵਿਰੁੱਧ ਅੰਦੋਲਨ ਵਿੱਢਿਆ ਹੋਇਆ ਸੀ, ਜਿਸ ਤਹਿਤ ਮਾਨਸਾ ਦੇ ਸਕਤਰੇਤ ਨੂੰ ਵੀ ਘੇਰਾ ਪਾਈ ਰੱਖਿਆ। ਪੰਜਾਬ ਦੇ ਕੈਬਨਿਟ ਮੰਤਰੀ ਅਤੇ ਮਾਨਸਾ ਦੇ ਵਿਧਾਇਕ ਡਾ. ਵਿਜੇ ਸਿੰਗਲਾ ਨੇ ਦੱਸਿਆ ਕਿ ਮਾਨਸਾ ਦੀ ਬਾਹਰਲੀ ਅਨਾਜ ਮੰਡੀ ਵਿੱਚ ਇਸ ਸਬੰਧੀ ਸਮਾਗਮ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਮਾਨਸਾ, ਬੁਢਲਾਡਾ, ਸਰਦੂਲਗੜ੍ਹ,ਮੌੜ ਮੰਡੀ ਤਲਵੰਡੀ ਸਾਬੋ ਸਬ ਡਵੀਜਨਾਂ ਦੇ ਕਿਸਾਨਾਂ-ਮਜ਼ਦੂਰਾਂ ਨੂੰ ਚੈੱਕ ਤਕਸੀਮ ਕੀਤੇ ਅਤੇ ਮੁੱਖ ਮੰਤਰੀ ਲੋਕਾਂ ਨਾਲ ਗੱਲਬਾਤ ਕੀਤੀ। ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿਚ 26 ਮਾਰਚ ਨੂੰ ਡਰੋਨ ਕੈਮਰਿਆਂ ’ਤੇ ਪਾਬੰਦੀ ਲਗਾਈ ਗਈ।