ਮੋਦੀ ਤੇ ਅਮਰਿੰਦਰ ਨੇ ਕਿਸਾਨਾਂ ਲਈ ਕੁਝ ਨਹੀਂ ਕੀਤਾ: ਸੁਖਬੀਰ

0
1609

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਮੌਜੂਦਾ ਕਿਸਾਨੀ ਸੰਕਟ ਨੂੰ ਹੱਲ ਕਰਨ ਵਾਸਤੇ ਨਾ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਨਾ ਹੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਈ ਯਤਨ ਕੀਤਾ ਜਾ ਰਿਹਾ ਹੈ। ਉਹ ਅੱਜ ਇੱਥੇ ਹਰਸਿਮਰਤ ਕੌਰ ਬਾਦਲ ਸਣੇ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ ਸਨ।

ਮੀਡੀਆ ਨਾਲ ਗੱਲ ਕਰਦਿਆਂ ਸ੍ਰੀ ਬਾਦਲ ਨੇ ਦੋਸ਼ ਲਾਇਆ ਕਿ ਖੇਤੀ ਕਾਨੂੰਨਾਂ ਕਾਰਨ ਪੈਦਾ ਹੋਏ ਸੰਕਟ ਨੂੰ ਹੱਲ ਕਰਨ ਲਈ ਦੋਵਾਂ ਸਰਕਾਰਾਂ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਇਸ ਕਾਰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਲੋਕ ਆਪਣੇ ਆਪ ਨੂੰ ਲਾਵਾਰਿਸ ਮਹਿਸੂਸ ਕਰ ਰਹੇ ਹਨ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਇਸ ਮਸਲੇ ਨੂੰ ਹੱਲ ਕਰਨ ਲਈ ਖ਼ੁਦ ਕਿਸਾਨਾਂ ਨਾਲ ਗੱਲ ਕਰਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਾਹੀਦਾ ਹੈ ਕਿ ਉਹ ਕਿਸਾਨ ਮਸਲੇ ਨੂੰ ਲੈ ਕੇ ਦਿੱਲੀ ਜਾਣ ਅਤੇ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਮੰਤਰੀਆਂ ਦੀ ਬਣਾਈ ਕਮੇਟੀ ਬਾਰੇ ਕਿਹਾ ਕਿ ਇਹ ਕਮੇਟੀ ਕਿਸਾਨਾਂ ’ਤੇ ਦਬਾਅ ਪਾ ਕੇ ਉਨ੍ਹਾਂ ਨੂੰ ਮਨਾਉਣ ਲਈ ਬਣਾਈ ਗਈ ਹੈ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਬਾਰੇ ਉਨ੍ਹਾਂ ਕਿਹਾ ਕਿ ਇਹ ਕਮੇਟੀ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰੇਗੀ ਅਤੇ ਉਨ੍ਹਾਂ ਨੂੰ ਸਮਰਥਨ ਦੇਵੇਗੀ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਇਸ ਸੰਘਰਸ਼ ’ਚ ਕਿਸਾਨ ਜਥੇਬੰਦੀਆਂ ਦੇ ਨਾਲ ਲੱਗ ਕੇ ਪਿੱਛੇ ਚੱਲਣ ਨੂੰ ਤਿਆਰ ਹੈ।

ਸ਼੍ਰੋਮਣੀ ਕਮੇਟੀ ਚੋਣਾਂ ਬਾਰੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਨ੍ਹਾਂ ਚੋਣਾਂ ਵਾਸਤੇ ਤਿਆਰ ਹੈ। ਉਨ੍ਹਾਂ ਗੁਰਦੁਆਰਾ ਚੋਣ ਕਮਿਸ਼ਨਰ ਨਿਯੁਕਤ ਕਰਨ ਲਈ ਕੇਂਦਰ ਸਰਕਾਰ ਦੇ ਫ਼ੈਸਲੇ ਦਾ ਸਵਾਗਤ ਕੀਤਾ। ਸਿੱਖ ਜਥੇਬੰਦੀਆਂ ਵੱਲੋਂ ਸ਼੍ਰੋਮਣੀ ਕਮੇਟੀ ਚੋਣਾਂ ਵਿਚ ਬਾਦਲ ਦਲ ਨੂੰ ਸ਼੍ਰੋਮਣੀ ਕਮੇਟੀ ਦੀ ਸੱਤਾ ਤੋਂ ਹਟਾਉਣ ਦੇ ਕੀਤੇ ਜਾ ਰਹੇ ਦਾਅਵਿਆਂ ਬਾਰੇ ਉਨ੍ਹਾਂ ਕਿਹਾ ਕਿ ਜਮਹੂਰੀਅਤ ’ਚ ਸਾਰਿਆਂ ਨੂੰ ਚੋਣ ਲੜਨ ਦਾ ਹੱਕ ਹੈ। ਭਾਜਪਾ ਵੱਲੋਂ ਇਕੱਲੇ ਵਿਧਾਨ ਸਭਾ ਚੋਣਾਂ ਲੜਨ ਦੇ ਦਾਅਵੇ ਬਾਰੇ ਉਨ੍ਹਾਂ ਕਿਹਾ ਕਿ ਭਾਜਪਾ ਆਪਣਾ ਇਹ ਸੁਫਨਾ ਵੀ ਪੂਰਾ ਕਰ ਲਵੇ।