ਚੰਡੀਗੜ੍ਹ: ਚੰਡੀਗੜ੍ਹ ਹਵਾਈ ਅੱਡੇ ਤੋਂ ਕੌਮਾਂਤਰੀ ਉਡਾਣਾਂ ਦੀ ਗਿਣਤੀ ਵਧਾਉਣ ਲਈ ਛੇਤੀ ਹੀ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰਾਲਾ ਫੈਸਲਾ ਲੈਣ ਜਾ ਰਿਹਾ ਹੈ। ਇਸ ਬਾਰੇ ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ਦੇ ਰਨਵੇਅ ਸਮੇਤ ਹੋਰ ਸਹੂਲਤਾਂ ਆਦਿ ਦਾ ਪ੍ਰੀਖਣ ਕਰਨ ਤੋਂ ਬਾਅਦ ਬਕਾਇਆ ਕੰਮ ਪੂਰੇ ਕੀਤੇ ਜਾਣਗੇ। ਇਹ ਖੁਲਾਸਾ ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਅੱਜ ਚੰਡੀਗੜ੍ਹ ਭਾਜਪਾ ਆਗੂਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਕੀਤੀ ਗਈ ਮੀਟਿੰਗ ਦੌਰਾਨ ਕੀਤਾ।
ਉਨ੍ਹਾਂ ਕਿਹਾ ਕਿ ਕਰੋਨਾ ਮਹਾਮਾਰੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਸਮਾਜ ਭਲਾਈ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਅਤੇ ਦੇਸ਼ ਵਿੱਚ ਲੋੜੀਂਦੀਆਂ ਸਿਹਤ ਸੇਵਾਵਾਂ ਅਤੇ ਹੋਰ ਸਹੂਲਤਾਂ ਉਪਲਬਧ ਕਰਵਾ ਕੇ ਆਲਮੀ ਮਹਾਮਾਰੀ ’ਤੇ ਕੁੱਝ ਹੱਦ ਤੱਕ ਕਾਬੂ ਪਾਉਣ ਵਿੱਚ ਸਫਲ ਹੋਇਆ ਹੈ। ਉਨ੍ਹਾਂ ਦੱਸਿਆ ਕਿ ਮਹਾਮਾਰੀ ਦੌਰਾਨ ਕੇਂਦਰ ਸਰਕਾਰ ਵਲੋਂ ਲਗਪਗ 12 ਲੱਖ ਯਾਤਰੀਆਂ ਨੂੰ ਵਿਦੇਸ਼ਾਂ ਤੋਂ ਭਾਰਤ ਲਿਆਇਆ ਗਿਆ ਅਤੇ 2 ਲੱਖ ਤੋਂ ਵੱਧ ਵਿਦੇਸ਼ੀ ਵਾਪਸ ਭੇਜੇ ਗਏ।