‘ਆਪ’ ਕੌਂਸਲਰ ਦੀ ਗੋਲੀ ਮਾਰ ਕੇ ਹੱਤਿਆ

0
618

ਮਾਲੇਰਕੋਟਲਾ: ਸਥਾਨਕ ਨਗਰ ਕੌਂਸਲ ਦੇ ਕੌਂਸਲਰ ਮੁਹੰਮਦ ਅਕਬਰ ਉਰਫ ਭੋਲੀ (40 ਸਾਲ) ਦੀ ਅੱਜ ਸਵੇਰੇ ਕਰੀਬ 8 ਵਜੇ ਅਣਪਛਾਤੇ ਨੌਜਵਾਨ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲੀਸ ਨੇ ਪੀੜਤ ਦੀ ਪਤਨੀ ਦੀ ਸ਼ਿਕਾਇਤ ਦੇ ਆਧਾਰ ’ਤੇ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਜਾਂਚ ਆਰੰਭ ਦਿੱਤੀ ਹੈ। ਮੁਹੰਮਦ ਅਕਬਰ ਨੇ ਨਗਰ ਕੌਂਸਲ ਦੀ ਚੋਣ ਕਾਂਗਰਸ ਪਾਰਟੀ ਦੇ ਉਮੀਦਵਾਰ ਵਜੋਂ ਜਿੱਤੀ ਸੀ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਬਾਅਦ ਉਹ ‘ਆਪ’ ਵਿੱਚ ਸ਼ਾਮਲ ਹੋ ਗਿਆ ਸੀ। ਕਰੀਬ ਦੋ ਸਾਲ ਪਹਿਲਾਂ ਕੌਂਸਲਰ ਦੇ ਭਰਾ ਦੀ ਵੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਜਾਣਕਾਰੀ ਅਨੁਸਾਰ ਮੁਹੰਮਦ ਅਕਬਰ ਰੋਜ਼ਾਨਾ ਦੀ ਤਰ੍ਹਾਂ ਇਥੇ ਲੁਧਿਆਣਾ ਬਾਈਪਾਸ ਨੇੜਲੇ ਆਪਣੇ ਜਿਮ ਵਿੱਚ ਮੌਜੂਦ ਸੀ। ਇਸ ਦੌਰਾਨ ਇਕ ਨੌਜਵਾਨ ਕਲੱਬ ਵਿੱਚ ਦਾਖ਼ਲ ਹੋਇਆ ਤੇ ‘ਆਪ’ ਕੌਂਸਲਰ ’ਤੇ ਗੋਲੀ ਚਲਾਉਣ ਉਪਰੰਤ ਜਿਮ ਦੇ ਬਾਹਰ ਖੜ੍ਹੇ ਆਪਣੇ ਸਾਥੀ ਨਾਲ ਮੌਕੇ ਤੋਂ ਫ਼ਰਾਰ ਹੋ ਗਿਆ। ਕੌਂਸਲਰ ਨੂੰ ਸਿਵਲ ਹਸਪਤਾਲ ਮਾਲੇਰਕੋਟਲਾ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਪ ਪੁਲੀਸ ਕਪਤਾਨ ਕੁਲਦੀਪ ਸਿੰਘ ਨੇ ਪੁਲੀਸ ਪਾਰਟੀ ਸਮੇਤ ਮੌਕੇ ’ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੇ ਮ੍ਰਿਤਕ ਦੀ ਪਤਨੀ ਅਕਬਰੀ ਦੇ ਬਿਆਨ ’ਤੇ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕਰ ਕੇ ਮਾਮਲੇ ਦੀ ਤਫ਼ਤੀਸ਼ ਆਰੰਭ ਦਿੱਤੀ ਹੈ। ਪੁਲੀਸ ਨੇ ਜਿਮ ਵਿਚਲੇ ਅਤੇ ਜਿਮ ਨੇੜਲੀਆਂ ਇਮਾਰਤਾਂ ’ਚ ਲੱਗੇ ਸੀਸੀਟੀਵੀ ਕੈਮਰਿਆਂ ਨੂੰ ਖੰਗਾਲਣਾ ਸ਼ੁਰੂ ਕਰ ਦਿੱਤਾ ਹੈ।