ਸਰਕਾਰ ਦੇ ‘ਚੰਨ’ ਹੁਣ ਨਹੀਂ ਹੋਣਗੇ ਪ੍ਰਦੇਸੀ!

0
565

ਚੰਡੀਗੜ੍ਹ: ਵਿਜੀਲੈਂਸ ਬਿਊਰੋ ਨੇ ਵਿਦੇਸ਼ ’ਚ ਪੱਕੀ ਰਿਹਾਇਸ਼ ਕਰਨ ਲਈ ਚੁੱਪ-ਚੁਪੀਤੇ ਪੀਆਰ ਲੈਣ ਵਾਲੇ ਅਫ਼ਸਰਾਂ ਤੇ ਮੁਲਾਜ਼ਮਾਂ ਦੀ ਪੈੜ ਨੱਪਣ ਦੀ ਤਿਆਰੀ ਕੱਸ ਲਈ ਹੈ। ਪੰਜਾਬ ਦੇ ਕਿੰਨੇ ਅਧਿਕਾਰੀ ਅਤੇ ਮੁਲਾਜ਼ਮ ‘ਗਰੀਨ ਕਾਰਡ ਹੋਲਡਰ’ ਹਨ, ਵਿਜੀਲੈਂਸ ਇਸ ਦੀ ਸ਼ਨਾਖ਼ਤ ਕਰੇਗੀ। ਪੰਜਾਬ ਸਰਕਾਰ ਵੱਲੋਂ ਖ਼ੁਰਾਕ ਤੇ ਸਪਲਾਈ ਮਹਿਕਮੇ ਦੇ ਡਿਪਟੀ ਡਾਇਰੈਕਟਰ ਰਾਕੇਸ਼ ਸਿੰਗਲਾ ਨੂੰ ਸ਼ਨਿਚਰਵਾਰ ਬਰਖ਼ਾਸਤ ਕੀਤਾ ਗਿਆ ਹੈ, ਜਿਸ ਨੇ ਸਾਲ 2006 ’ਚ ਚੋਰੀ ਛਿਪੇ ਕੈਨੇਡਾ ਦੀ ਪੀਆਰ ਲੈ ਰੱਖੀ ਸੀ। ਇਸ ਕਾਰਵਾਈ ਮਗਰੋਂ ਵਿਜੀਲੈਂਸ ਨੇ ਪੀਆਰ ਲੈਣ ਵਾਲਿਆਂ ਦਾ ਭੇਤ ਕੱਢਣ ਦੀ ਵਿਉਂਤ ਬਣਾਈ ਹੈ। ਵਿਜੀਲੈਂਸ ਬਿਊਰੋ ਨੇ ਇਸ ਗੱਲ ਦਾ ਨੋਟਿਸ ਲਿਆ ਹੈ ਕਿ ਬਹੁਤੇ ਅਧਿਕਾਰੀ ਪਹਿਲਾਂ ਗ਼ਲਤ ਢੰਗ ਤਰੀਕਿਆਂ ਨਾਲ ਪੈਸਾ ਇਕੱਠਾ ਕਰਦੇ ਹਨ ਅਤੇ ਮਗਰੋਂ  ਭੇਤ ਖੁੱਲ੍ਹਣ ਤੋਂ ਪਹਿਲਾਂ ਹੀ ਵਿਦੇਸ਼ ਉਡਾਰੀ ਮਾਰ ਜਾਂਦੇ ਹਨ। ਪਹਿਲਾਂ ਵੀ ਇਹ ਮਾਮਲਾ ਉੱਭਰਿਆ ਸੀ ਅਤੇ ਉਦੋਂ ਵਿਜੀਲੈਂਸ ਨੇ ਗਰੀਨ ਕਾਰਡ ਹੋਲਡਰ ਅਫ਼ਸਰਾਂ ਦੀ ਸ਼ਨਾਖ਼ਤ ਕੀਤੀ ਸੀ। ਹੁਣ ਲੰਘੇ ਦਿਨ ਪਨਸਪ ਨੇ ਪਟਿਆਲਾ ਦੇ ਜਿਸ ਇੰਸਪੈਕਟਰ ਗੁਰਿੰਦਰ ਸਿੰਘ ’ਤੇ ਅਨਾਜ ਨੂੰ ਖ਼ੁਰਦ-ਬੁਰਦ ਕਰਨ ਦਾ ਮੁਕੱਦਮਾ ਦਰਜ ਕਰਾਇਆ ਹੈ, ਉਹ ਵਿਦੇਸ਼ ਫਰਾਰ ਹੋ ਗਿਆ ਹੈ। ਸੂਤਰ ਦੱਸਦੇ ਹਨ ਕਿ ਇਹ ਫੂਡ ਇੰਸਪੈਕਟਰ ਸਭ ਕੁਝ ਵੇਚ ਕੇ ਵਿਦੇਸ਼ ਉਡਾਰੀ ਮਾਰ ਗਿਆ ਹੈ। ਦੱਸਦੇ ਹਨ ਕਿ ਪੰਜਾਬ ਵਿਚ ਕਈ ਚੌਲ ਮਿੱਲਾਂ ਵਾਲੇ ਵੀ ਅਜਿਹੇ ਹਨ ਜਿਨ੍ਹਾਂ ਨੇ ਪਹਿਲਾਂ ਗ਼ਬਨ ਕੀਤਾ ਅਤੇ ਪਿੱਛੋਂ ਵਿਦੇਸ਼ ਚਲੇ ਗਏ।