ਚੰਡੀਗੜ੍ਹ: ਪੰਜਾਬ ਸਰਕਾਰ ਦੇ 10 ਸਾਲ ਦੀ ਸੇਵਾ ਪੂਰੀ ਕਰ ਚੁੱਕੇ 25,000 ਦੇ ਕਰੀਬ ਠੇਕਾ ਮੁਲਾਜ਼ਮਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਰੈਗੂਲਰ ਕੀਤਾ ਜਾਵੇਗਾ ਅਤੇ ਇਸ ਲਈ ਪੰਜਾਬ ਮੰਤਰੀ ਮੰਡਲ ਨੇ ਅੱਜ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਰਿਪੋਰਟ ਪ੍ਰਵਾਨ ਕਰ ਲਈ ਹੈ। ਇਹ ਅਮਲ ਅੱਜ ਤੋਂ ਸ਼ੁਰੂ ਹੋਵੇਗਾ ਅਤੇ ਰੈਗੂਲਰ ਕੀਤਾ ਜਾਣ ਵਾਲਾ ਪਹਿਲਾ ਬੈਚ ਸਿੱਖਿਆ ਵਿਭਾਗ ਤੋਂ ਹੋਵੇਗਾ। ਇਸ ਨਾਲ ਜਿੱਥੇ ਸਿੱਖਿਆ ਵਿਭਾਗ ਵਿੱਚ ਠੇਕੇ ’ਤੇ ਕੰਮ ਕਰਦੇ 8,000 ਮੁਲਾਜ਼ਮਾਂ ਨੂੰ ਲਾਭ ਮਿਲੇਗਾ, ਉੱਥੇ ਹੀ ਸਿਹਤ ਵਿਭਾਗ ਵਿੱਚ 6,000 ਹੋਰ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇਗਾ। ਟਰਾਂਸਪੋਰਟ ਅਤੇ ਪਾਵਰਕੌਮ ਵਿਭਾਗ ਦੇ ਕਰਮਚਾਰੀਆਂ ਨੂੰ ਵੀ ਫਾਇਦਾ ਹੋਵੇਗਾ। ਰੈਗੂਲਰ ਕੀਤੇ ਜਾਣ ਵਾਲੇ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਦੀ ਪਿਛਲੀ ਨੀਤੀ ਅਨੁਸਾਰ ਪਹਿਲੇ ਤਿੰਨ ਸਾਲਾਂ ਦੀ ਸੇਵਾ ਲਈ ਮੁੱਢਲੀ ਤਨਖਾਹ ਦਿੱਤੀ ਜਾਵੇਗੀ। ਉੱਚ ਸਰਕਾਰੀ ਅਧਿਕਾਰੀਆਂ ਨੇ ਕਿਹਾ ਕਿ ਇਹ ਨੀਤੀ ਇੱਕ ਵਾਰ ਦੀ ਨੀਤੀ ਹੋਵੇਗੀ ਅਤੇ ਸਿਰਫ 10 ਸਾਲ ਦੀ ਸੇਵਾ ਪੂਰੀ ਕਰਨ ਵਾਲੇ ਕਰਮਚਾਰੀਆਂ ਨੂੰ ਹੀ ਰੈਗੂਲਰ ਕੀਤਾ ਜਾਵੇਗਾ। ਹਰੇਕ ਵਿਭਾਗ ਆਪਣੇ ਠੇਕੇ ’ਤੇ ਰੱਖੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਲਈ ਵੱਖਰੀ ਨੀਤੀ ਲਿਆਵੇਗਾ, ਅਤੇ ਇੱਕ ਵੱਖਰਾ ਵਿਸ਼ੇਸ਼ ਕੇਡਰ ਹੋਵੇਗਾ। ਇਨ੍ਹਾਂ ਮੁਲਾਜ਼ਮਾਂ ਨੂੰ ਵੱਖਰੇ ਕੇਡਰ ਅਧੀਨ ਲਿਆ ਕੇ ਰੈਗੂਲਰ ਕੀਤਾ ਜਾ ਰਿਹਾ ਹੈ। ਇਨ੍ਹਾਂ ਠੇਕੇ ’ਤੇ ਰੱਖੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਨਾਲ ਸੂਬਾ ਸਰਕਾਰ ਨੂੰ 400 ਕਰੋੜ ਰੁਪਏ ਤੋਂ ਵੱਧ ਦਾ ਵਾਧੂ ਖਰਚਾ ਝੱਲਣਾ ਪਵੇਗਾ। ਵਿੱਤ ਮੰਤਰੀ ਹਰਪਾਲ ਚੀਮਾ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਕੈਬਨਿਟ ਸਬ-ਕਮੇਟੀ ਨੇ ਅੱਜ ਸਵੇਰੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਕੈਬਨਿਟ ਨੂੰ ਆਪਣੀ ਰਿਪੋਰਟ ਸੌਂਪ ਦਿੱਤੀ। ਕਮੇਟੀ ਨੇ ਸਰਕਾਰ ਨੂੰ ਇੱਕ ਨੀਤੀ ਰਾਹੀਂ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਸਿਫਾਰਸ਼ ਕੀਤੀ ਹੈ। ਇਹ ਕਦਮ ‘‘ਉਮਾ ਦੇਵੀ ਬਨਾਮ ਕਰਨਾਟਕ ਰਾਜ ਕੇਸ’’ ਨੂੰ ਰੋਕਣ ਲਈ ਕੀਤਾ ਗਿਆ ਹੈ, ਜਿਸ ਕਾਰਨ ਕਾਂਗਰਸ ਅਤੇ ਅਕਾਲੀ ਦਲ-ਭਾਜਪਾ ਦੀਆਂ ਪਿਛਲੀਆਂ ਦੋ ਸਰਕਾਰਾਂ ਦੁਆਰਾ ਬਣਾਏ ਗਏ ਦੋ ਹੋਰ ਕਾਨੂੰਨ ਲਾਗੂ ਨਹੀਂ ਸਨ ਹੋ ਸਕੇ।