ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਨੇ ਦੋ ਦਿਨਾ ਵਿਸ਼ੇਸ਼ ਇਜਲਾਸ ਦੇ ਆਖ਼ਰੀ ਦਿਨ ਅੱਜ ‘ਦਾ ਸਿੱਖ ਗੁਰਦੁਆਰਾ (ਸੋਧ) ਬਿੱਲ- 2023’ ਉੱਤੇ ਰਸਮੀ ਮੋਹਰ ਲਾ ਦਿੱਤੀ। ਇਸ ਬਿੱਲ ਦੇ ਕਾਨੂੰਨ ਦਾ ਰੂਪ ਲੈਣ ਨਾਲ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਮੁਫ਼ਤ ਪ੍ਰਸਾਰਨ ਯਕੀਨੀ ਬਣੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਬਿੱਲ ਅੱਜ ਸਦਨ ਵਿਚ ਪੇਸ਼ ਕੀਤਾ, ਜਿਸ ਨੂੰ ਲੈ ਕੇ ਸਦਨ ਵਿਚ ਬਹਿਸ ਵੀ ਹੋਈ। ਆਖ਼ਰ ਨੂੰ ਬਿਨਾਂ ਕਿਸੇ ਰੌਲੇ-ਰੱਪੇ ਤੋਂ ਭਾਰੀ ਬਹੁਮਤ ਨਾਲ ‘ਦਾ ਸਿੱਖ ਗੁਰਦੁਆਰਾ (ਸੋਧ) ਬਿੱਲ- 2023’ ਪਾਸ ਕਰ ਦਿੱਤਾ ਗਿਆ। ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਨੇ ਇਸ ਬਿੱਲ ਦਾ ਵਿਰੋਧ ਕੀਤਾ ਜਦੋਂ ਕਿ ਭਾਜਪਾ ਅਤੇ ਕਾਂਗਰਸ ਦੇ ਮੈਂਬਰ ਇਸ ਬਿੱਲ ਨੂੰ ਪੇਸ਼ ਕਰਨ ਮੌਕੇ ਗੈਰਹਾਜ਼ਰ ਰਹੇ।