ਦਿੱਲੀ: ਭਾਰਤੀ ਜਨਤਾ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੱਜ ਆਮ ਆਦਮੀ ਪਾਰਟੀ (ਆਪ) ਨੂੰ ਸੱਤਾ ਤੋਂ ਬਾਹਰ ਕਰਕੇ 27 ਸਾਲ ਬਾਅਦ ਧਮਾਕੇਦਾਰ ਵਾਪਸੀ ਕੀਤੀ ਹੈ। ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਮੰਤਰੀ ਸੌਰਭ ਭਾਰਦਵਾਜ ਸਮੇਤ ਹਾਕਮ ਧਿਰ ਦੇ ਕਈ ਹੋਰ ਵੱਡੇ ਆਗੂ ਚੋਣ ਹਾਰ ਗਏ ਹਨ। ਹਾਲਾਂਕਿ ਮੁੱਖ ਮੰਤਰੀ ਆਤਿਸ਼ੀ ਮਾਰਲੇਨਾ ਕਾਲਕਾਜੀ ਵਿਧਾਨ ਸਭਾ ਸੀਟ ਤੋਂ ਜਿੱਤ ਗਈ ਹੈ।
ਚੋਣ ਕਮਿਸ਼ਨ ਤੋਂ ਪ੍ਰਾਪਤ ਅੰਕੜਿਆਂ ਅਨੁਸਾਰ ਭਾਜਪਾ ਦਿੱਲੀ ਦੀਆਂ 70 ’ਚੋਂ 48 ਸੀਟਾਂ ਜਿੱਤ ਗਈ ਹੈ ਜਦਕਿ ‘ਆਪ’ ਨੂੰ 22 ਸੀਟਾਂ ਪ੍ਰਾਪਤ ਹੋਈਆਂ ਹਨ। ਲਗਾਤਾਰ 15 ਸਾਲ ਸ਼ੀਲਾ ਦੀਕਸ਼ਿਤ ਦੀ ਅਗਵਾਈ ਹੇਠ ਦਿੱਲੀ ਸਰਕਾਰ ਚਲਾਉਣ ਵਾਲੀ ਕਾਂਗਰਸ ਨੂੰ ਲਗਾਤਾਰ ਤੀਜੀ ਵਾਰ ਕੋਈ ਵੀ ਸੀਟ ਨਹੀਂ ਮਿਲੀ ਪਰ ਕਾਂਗਰਸੀ ਉਮੀਦਵਾਰਾਂ ਨੇ ਪਾਰਟੀ ਦਾ ਵੋਟ ਫ਼ੀਸਦੀ ਵਧਾ ਕੇ ਆਮ ਆਦਮੀ ਪਾਰਟੀ ਦੀਆਂ ਵੋਟਾਂ ਨੂੰ ਖੋਰਾ ਲਾਇਆ ਹੈ। ਹੁਣ ਤੱਕ ਕੇ ਅੰਕੜਿਆਂ ਅਨੁਸਾਰ ਭਾਜਪਾ ਨੂੰ 45.91 ਫੀਸਦ ਜਦਕਿ ‘ਆਪ’ ਨੂੰ 43.56 ਫੀਸਦ ਵੋਟਾਂ ਮਿਲੀਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਨੂੰ ‘ਵੱਡਾ ਲੋਕ ਫਤਵਾ’ ਦੱਸਿਆ ਤੇ ਕਿਹਾ ਕਿ ਰਾਜਧਾਨੀ ਦੇ ਚਹੁੰਪੱਖੀ ਵਿਕਾਸ ਤੇ ਲੋਕਾਂ ਦੀ ਜ਼ਿੰਦਗੀ ਬਿਹਤਰ ਬਣਾਉਣ ’ਚ ਕੋਈ ਕਸਰ ਨਹੀਂ ਛੱਡਣਗੇ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੋਣ ਨਤੀਜਿਆਂ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਦਿੱਲੀ ਦੀ ਜਨਤਾ ਨੇ ਝੂਠ, ਧੋਖੇ ਤੇ ਭ੍ਰਿਸ਼ਟਾਚਾਰ ਦੇ ‘ਸ਼ੀਸ਼ ਮਹਿਲ’ ਨੂੰ ਤਬਾਹ ਕਰਕੇ ਦਿੱਲੀ ਨੂੰ ‘ਆਪ-ਦਾ’ ਮੁਕਤ ਕਰ ਦਿੱਤਾ ਹੈ।