ਚੰਡੀਗੜ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਡੇਰਾ ਬਾਬਾ ਨਾਨਕ ਤੇ ਇਸ ਦੇ ਆਲੇ-ਦੁਆਲੇ ਦੇ ਵਿਕਾਸ ਤੇ ਸੁੰਦਰੀਕਰਨ ਲਈ ਡੇਰਾ ਬਾਬਾ ਨਾਨਕ ਵਿਕਾਸ ਅਥਾਰਟੀ ਸਥਾਪਿਤ ਕਰਨ ਲਈ ਵਿਸ਼ੇਸ਼ ਮਤਾ ਪਾਸ ਕੀਤਾ ਹੈ। ਮੁੱਖ ਮੰਤਰੀ ਵੱਲੋਂ ਇਸ ਇਤਿਹਾਸਕ ਮੌਕੇ ਇਸ ਇਲਾਕੇ ਵਿੱਚ ਲੱਖਾਂ ਸ਼ਰਧਾਲੂਆਂ ਦੇ ਆਉਣ ਦੇ ਮੱਦੇਨਜਰ ਬੁਨਿਆਦੀ ਢਾਂਚੇ ਦਾ ਪੱਧਰ ਉੱਚਾ ਚੁੱਕਣ ਤੇ ਸੁਵਿਧਾਵਾਂ ਦੇ ਵਾਸਤੇ ਪਹਿਲਾਂ ਹੀ ਵਿਕਾਸ ਪ੍ਰੋਜੈਕਟਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ।
ਇਹ ਐਲਾਨ 23 ਨਵੰਬਰ, 2018 ਨੂੰ ਗੁਰਪੁਰਬ ਮੌਕੇ ਸੂਬਾ ਸਰਕਾਰ ਵੱਲੋਂ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਸ਼ੁਰਆਤ ਮੌਕੇ ਕੀਤਾ ਗਿਆ ਸੀ। ਕਰਤਾਰਪੁਰ ਲਾਂਘੇ ਨੂੰ ਖੋਲਣ ਦਾ ਇਕ ਵਿਸ਼ੇਸ਼ ਮਤੇ ਰਾਹੀਂ ਸਵਾਗਤ ਕੀਤਾ ਗਿਆ ਹੈ ਅਤੇ ਇਸ ਨੂੰ ਇੱਕ ਇਤਿਹਾਸਕ ਕਦਮ ਦੱਸਿਆ ਹੈ। ਅੱਜ ਇੱਥੇ ਆਪਣੀ ਮੀਟਿੰਗ ਦੌਰਾਨ ਮੰਤਰੀ ਮੰਡਲ ਨੇ ਕਿਹਾ ਹੈ ਕਿ ਕਰਤਾਰਪੁਰ ਲਾਂਘੇ ਲਈ ਨੀਂਹ ਪੱਥਰ ਰੱਖਣ ਦੇ ਨਾਲ ਪੰਜਾਬੀਆਂ ਦੀ ਲੰਮੇ ਸਮੇਂ ਤੋਂ ਚਲੀ ਆ ਰਹੀ ਮੰਗ ਪੂਰੀ ਹੋ ਗਈ ਹੈ ਅਤੇ ਇਸ ਦੇ ਨਾਲ ਅਸਲ ਕਬਜੇ ਵਾਲੀ ਰੇਖਾ ਦੇ ਨੇੜੇ ਇਤਿਹਾਸਕ ਕਰਤਾਰਪੁਰ ਗੁਰਦੁਆਰਾ ਸਾਹਿਬ ਵਿਖੇ ਸ਼ਰਧਾਲੂਆਂ ਵੱਲੋਂ ਨਤਮਸਤਕ ਹੋਣ ਰਾਹ ਪੱਧਰਾ ਹੋ ਗਿਆ ਹੈ।ਮੰਤਰੀ ਮੰਡਲ ਨੇ ਨੋਟ ਕੀਤਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀਆਂ ਲਗਾਤਾਰ ਕੋਸ਼ਿਸ਼ਾਂ ਦੇ ਨਤੀਜੇ ਵਜੋਂ ਲਾਂਘਾ ਖੋਲਣ ਦੇ ਮਹੱਤਵਪੂਰਨ ਫੈਸਲੇ ਨੂੰ ਬੂਰ ਪਿਆ ਹੈ।