ਅਕਾਲ ਤਖ਼ਤ ਵੱਲੋਂ ਸੁਖਬੀਰ ਬਾਦਲ ਤਨਖ਼ਾਹੀਆ ਕਰਾਰ

0
217

ਅੰਮ੍ਰਿਤਸਰ: ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਉਨ੍ਹਾਂ ਖ਼ਿਲਾਫ਼ ਲੱਗੇ ਦੋਸ਼ਾਂ ਤਹਿਤ ਤਨਖ਼ਾਹੀਆ ਕਰਾਰ ਦਿੱਤਾ ਗਿਆ ਹੈ। ਇਹ ਫ਼ੈਸਲਾ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅਕਾਲ ਤਖਤ ਦੀ ਫਸੀਲ ਤੋਂ ਸੰਗਤ ਦੇ ਸਾਹਮਣੇ ਸੁਣਾਇਆ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਵਿੱਚ ਉੱਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਹੁੰਦਿਆਂ ਸੁਖਬੀਰ ਸਿੰਘ ਬਾਦਲ ਨੇ ਕਈ ਅਜਿਹੇ ਫ਼ੈਸਲੇ ਲਏ, ਜਿਨ੍ਹਾਂ ਨਾਲ ਪੰਥ ਦੇ ਅਕਸ ਨੂੰ ਢਾਹ ਲੱਗੀ ਹੈ। ਸ਼੍ਰੋਮਣੀ ਅਕਾਲੀ ਦਲ ਦੀ ਹਾਲਤ ਕਮਜ਼ੋਰ ਹੋਈ ਹੈ ਅਤੇ ਸਿੱਖ ਹਿੱਤਾਂ ਨੂੰ ਨੁਕਸਾਨ ਪੁੱਜਿਆ ਹੈ। ਇਸ ਲਈ ਸੁਖਬੀਰ ਬਾਦਲ ਨੂੰ ਉਦੋਂ ਤੱਕ ਤਨਖ਼ਾਹੀਆ ਕਰਾਰ ਦਿੱਤਾ ਜਾਂਦਾ ਹੈ, ਜਦੋਂ ਤੱਕ ਉਹ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਅਤੇ ਪੰਜ ਸਿੰਘ ਸਾਹਿਬਾਨ ਤੇ ਸੰਗਤ ਦੇ ਸਾਹਮਣੇ ਪੇਸ਼ ਹੋ ਕੇ ਆਪਣੇ ਗੁਨਾਹਾਂ ਦੀ ਮੁਆਫ਼ੀ ਨਹੀਂ ਮੰਗਦੇ। ਜਥੇਦਾਰ ਨੇ 2007 ਤੋਂ ਲੈ ਕੇ 2017 ਤੱਕ ਅਕਾਲੀ ਸਰਕਾਰ ਵੇਲੇ ਦੇ ਸਿੱਖ ਕੈਬਨਿਟ ਮੰਤਰੀਆਂ ਨੂੰ ਵੀ ਇਸ ਮਾਮਲੇ ਵਿੱਚ 15 ਦਿਨਾਂ ਵਿੱਚ ਅਕਾਲ ਤਖ਼ਤ ਵਿਖੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਦੇ ਆਦੇਸ਼ ਦਿੱਤੇ ਹਨ।

ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਤਖ਼ਤ ਪਟਨਾ ਸਾਹਿਬ ਤੋਂ ਜਥੇਦਾਰ ਗਿਆਨੀ ਬਲਦੇਵ ਸਿੰਘ ਅਤੇ ਹਰਿਮੰਦਰ ਸਾਹਿਬ ਤੋਂ ਗ੍ਰੰਥੀ ਗਿਆਨੀ ਬਲਜੀਤ ਸਿੰਘ ਸ਼ਾਮਲ ਹੋਏ।