ਵੈਂਕਈਆ ਨਾਇਡੂ ਦੇ ਨਾਲ ਕੈਪਟਨ ਨੇ ਕਰਤਾਰਪੁਰ ਲਾਂਘੇ ਦਾ ਨੀਂਹ ਪੱਥਰ ਰੱਖਿਆ

0
1471

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਦੇ ਉਪ-ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਮਿਲ ਕੇ ਕਰਤਾਰਪੁਰ ਲਾਂਘੇ ਦੇ ਵਾਸਤੇ ਨੀਂਹ ਪੱਥਰ ਰੱਖਿਆ ਅਤੇ ਇਸ ਲਾਂਘੇ ਰਾਹੀਂ ਪਾਕਿਸਤਾਨ ਵਿੱਚ ਇਤਿਹਾਸਕ ਕਰਤਾਰਪੁਰ ਗੁਰਦੁਆਰੇ ਜਾਣ ਵਾਲੇ ਸ਼ਰਧਾਲੂਆਂ ਲਈ ਐਮ.ਵੀਜ਼ਾ ਲਾਗੂ ਕਰਨ ਦਾ ਸੱਦਾ ਦਿੱਤਾ। ਕੈਪਟਨ ਅਮਰਿੰਦਰ ਸਿੰਘ ਨੇ ਲਾਂਘੇ ਰਾਹੀਂ ਜਾਣ ਵਾਲਿਆਂ ਵਾਸਤੇ ਵੀਜ਼ਾ ਜਾਂ ਪਾਸਪੋਰਟ ਨਾ ਰੱਖੇ ਜਾਣ ਦਾ ਸੁਝਾਅ ਦਿੱਤਾ। ਉਨ੍ਹਾਂ ਨੇ ਆਪਣੀ ਸਰਕਾਰ ਵੱਲੋਂ ਇਕ ਵਿਸ਼ਾਲ ਕਰਤਾਰਪੁਰ ਗੇਟ ਉਸਾਰਨ ਦੇ ਫੈਸਲੇ ਦਾ ਵੀ ਐਲਾਨ ਕੀਤਾ।
ਉਨ੍ਹਾਂ ਕਿਹਾ ਕਿ ਇਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਇੱਕ ਸਮਾਰਕੀ ਚਿੰਨ ਹੋਵੇਗਾ। ਮੁੱਖ ਮੰਤਰੀ ਨੇ ਅਗਲੇ ਸਾਲ ਗੁਰਪੁਰਬ ਤੱਕ ਇਹ ਲਾਂਘਾ ਅਮਲ ਵਿੱਚ ਲਿਆਉਣ ਨੂੰ ਯਕੀਨੀ ਬਣਾਉਣ ਦੇ ਲਈ ਗਡਕਰੀ ਨੂੰ ਅਪੀਲ ਕੀਤੀ। ਉਨ੍ਹਾਂ ਐਲਾਨ ਕੀਤਾ ਕਿ ਉਹ ਲਾਂਘੇ ਰਾਹੀਂ ਕਰਤਾਰਪੁਰ ਜਾਣ ਵਾਲੇ ਪਹਿਲੇ ਜੱਥੇ ਵਿੱਚ ਸ਼ਾਮਲ ਹੋਣਗੇ। ਇਸ ਮੌਕੇ ਹਾਜ਼ਰ ਸੜਕੀ ਟਰਾਂਸਪੋਰਟ ਅਤੇ ਹਾਈਵੇਜ਼ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਰਤਾਰਪੁਰ ਗੇਟ ਦੇ ਨਿਰਮਾਣ ਲਈ ਪੰਜਾਬ ਸਰਕਾਰ ਦੇ ਪ੍ਰਸਤਾਵ ਨੂੰ ਪ੍ਰਵਾਨਗੀ ਦੇ ਦਿੱਤੀ ਜਿਸ ਨੂੰ ਕਰਤਾਰਪੁਰ ਦਵਾਰ ਵਜੋਂ ਜਾਣਿਆ ਜਾਵੇਗਾ।