ਕੈਪਟਨ ਵੱਲੋਂ ਭਾਰਤ-ਪਾਕਿ ਦੋਸਤੀ ਦੀ ਜ਼ੋਰਦਾਰ ਵਕਾਲਤ

0
988

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਅਤੇ ਪਾਕਿਸਤਾਨ ਦੀ ਖੁਸ਼ਹਾਲੀ ਤੇ ਵਿਕਾਸ ਲਈ ਪਾਕਿਸਤਾਨ ਨਾਲ ਸ਼ਾਂਤੀ ਤੇ ਦੋਸਤੀ ਦੀ ਜ਼ੋਰਦਾਰ ਵਕਾਲਤ ਕੀਤੀ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਭਾਰਤ ਕਥਿਤ ਤੌਰ ’ਤੇ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈਐੱਸਆਈ ਤੋਂ ਸਮਰਥਨ ਲੈਣ ਵਾਲੇ ਸਿੱਖਸ ਫਾਰ ਜਸਟਿਸ (ਐੱਸਐਫਜੇ) ਨੂੰ ਦੇਸ਼ ਦੀ ਅਖੰਡਤਾ ਤੇ ਸਥਿਰਤਾ ਨੂੰ ਭੰਗ ਕਰਨ ਦੀ ਆਗਿਆ ਨਹੀਂ ਦੇਵੇਗਾ। ਮੁੱਖ ਮੰਤਰੀ ਇੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਰੱਖੇ ਵਿਸ਼ੇਸ਼ ਸਮਾਗਮ ਦੌਰਾਨ ਪਰਵਾਸੀ ਭਾਰਤੀਆਂ ਨੂੰ ਸੰਬੋਧਨ ਕਰ ਰਹੇ ਸਨ। ਮੀਡੀਆ ਨਾਲ ਗ਼ੈਰ-ਰਸਮੀ ਗੱਲਬਾਤ ਦੌਰਾਨ ਕੈਪਟਨ ਨੇ ਕਿਹਾ ਕਿ ਐੱਸਐਫਜੇ ਇਕ ਕੱਟੜ ਅਤਿਵਾਦੀ ਗਰੁੱਪ ਸੀ, ਜਿਸ ਦੀ ਮੁਹਿੰਮ ਦਾ ਕੋਈ ਵਿਚਾਰਧਾਰਕ ਆਧਾਰ ਨਹੀਂ ਸੀ। ਐੱਸਐਫਜੇ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂ, ਜਿਸ ’ਤੇ ਆਈਐੱਸਆਈ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕੰਮ ਕਰਨ ਦਾ ਦੋਸ਼ ਹੈ, ਨੂੰ ਧੋਖੇਬਾਜ਼ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਨੂ ਦਾ ਇੱਕੋ-ਇੱਕ ਮਕਸਦ ਆਈ.ਐੱਸ.ਆਈ. ਦੇ ਏਜੰਡੇ ਨੂੰ ਅੱਗੇ ਵਧਾਉਣਾ ਅਤੇ ਸਿੱਖਾਂ ਤੇ ਭਾਰਤ ਨੂੰ ਵੰਡਣਾ ਹੈ। ਇਸ ਤੋਂ ਪਹਿਲਾਂ ਪਰਵਾਸੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਆਲਮੀ ਸਮੱਸਿਆਵਾਂ ਦੇ ਹੱਲ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫ਼ੇ ਅਨੁਸਾਰ ਸ਼ਾਂਤੀ ਦੇ ਪਸਾਰ ਲਈ ਗੁਆਂਢੀ ਮੁਲਕਾਂ ਨਾਲ ਦੋਸਤਾਨਾ ਸਬੰਧ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਜ਼ੋਰ ਦਿੰਦਿਆਂ ਇਹ ਗੱਲ ਆਖੀ ਕਿ ਭਾਰਤ ਅਤੇ ਪਾਕਿਸਤਾਨ ਦੋਵਾਂ ਨੇ ਕਈ ਚੁਣੌਤੀਆਂ ਦਾ ਸਾਹਮਣਾ ਕੀਤਾ ਸੀ ਅਤੇ ਹੁਣ ਸਮਾਂ ਆ ਗਿਆ ਹੈ ਕਿ ਉਹ ਬੀਤੇ ਸਮੇਂ ਨੂੰ ਭੁੱਲ ਕੇ ਦੋਸਤੀ ਦੀ ਭਾਵਨਾ ਨਾਲ ਅੱਗੇ ਵਧਦਿਆਂ ਆਪਣੀ ਤਰੱਕੀ ਯਕੀਨੀ ਬਣਾਉਣ।
ਗੁਰੂ ਨਾਨਕ ਦੇਵ ਜੀ ਦੇ ‘ਪਰਮਾਤਮਾ ਇੱਕ ਹੈ’ ਦੇ ਫ਼ਲਸਫ਼ੇ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਭਵਿੱਖ ਸੁਰੱਖਿਅਤ ਕਰਨ ਅਤੇ ਪੰਜਾਬ ਤੇ ਇਸ ਦੇ ਲੋਕਾਂ ਦੇ ਵਿਕਾਸ ਲਈ ਧਰਮਾਂ-ਜਾਤਾਂ ਦੇ ਵਖ਼ਰੇਵਿਆਂ ਤੋਂ ਉਪਰ ਉੱਠਣ ਦੀ ਲੋੜ ’ਤੇ ਜ਼ੋਰ ਦਿੱਤਾ। ਪ੍ਰਦੂਸ਼ਣ ਅਤੇ ਪਾਣੀ ਦੀ ਘਾਟ ਵਰਗੀਆਂ ਵਿਸ਼ਵ-ਵਿਆਪੀ ਸਮੱਸਿਆਵਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਨੇ ਜੋ 550 ਸਾਲ ਪਹਿਲਾਂ ਸੰਕੇਤ ਦਿੱਤਾ ਸੀ, ਉਹ ਹੁਣ ਅਮਲੀ ਰੂਪ ਵਿਚ ਹੋ ਰਿਹਾ ਹੈ। ਗੁਰੂ ਸਾਹਿਬ ਨੇ ਇਨ੍ਹਾਂ ਸਮੱਸਿਆਵਾਂ ਨਾਲ ਨਜਿੱਠਣ ਲਈ ਸਾਂਝੇ ਉੱਦਮਾਂ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ ਸੀ।