ਪੰਜਾਬ ਦੀ ਮਾੜੀ ਆਰਥਕ ਸਥਿਤੀ ਦਾ ਮਾਮਲਾ, ਕੈਪਟਨ 2 ਦਸੰਬਰ ਨੂੰ ਉੱਚ ਪਧਰੀ ਮੀਟਿੰਗ ‘ਚ ਜਾਇਜ਼ਾ ਲੈਣਗੇ

0
1063

ਪੰਜਾਬ ਦੀ ਆਰਥਕ ਸਥਿਤੀ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ ਸੱਦ ਲਈ ਹੈ। ਇਸ ਮੀਟਿੰਗ ‘ਚ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਵਿੱਤ ਮਹਿਕਮੇ ਦੇ ਉੱਚ ਅਧਿਕਾਰੀ ਵੀ ਸ਼ਾਮਲ ਹੋਣਗੇ।
ਇਥੇ ਦਸਣਯੋਗ ਹੋਵੇਗਾ ਕਿ ਪੰਜਾਬ ਦੀ ਮਾੜੀ ਆਰਥਕ ਹਾਲਤ ਸਬੰਧੀ ਖ਼ਜ਼ਾਨਾ ਮੰਤਰੀ ਨੇ ਮੁੱਖ ਮੰਤਰੀ ਦਫ਼ਤਰ ਨੂੰ ਇਕ ਪੱਤਰ ਲਿਖ ਕੇ ਮੰਗ ਕੀਤੀ ਸੀ ਕਿ ਇਸ ਮਾਮਲੇ ‘ਤੇ ਵਿਚਾਰ ਵਟਾਂਦਰੇ ਲਈ ਮੁੱਖ ਮੰਤਰੀ ਨਾਲ ਮੀਟਿੰਗ ਨਿਰਧਾਰਤ ਕੀਤੀ ਜਾਵੇਗੀ। ਉਸ ਸਮੇਂ ਮੁੱਖ ਮੰਤਰੀ ਵਿਦੇਸ਼ ਦੌਰੇ ‘ਤੇ ਸਨ। ਉਹ ਚਾਰ ਦਿਨ ਪਹਿਲਾਂ ਹੀ ਚੰਡੀਗੜ੍ਹ ਪਰਤੇ ਹਨ।
ਮੁੱਖ ਮੰਤਰੀ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਇਹ ਮੀਟਿੰਗ ਨਿਰਧਾਰਤ ਕੀਤੀ ਹੈ। ਉਧਰ ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਸਿਆ ਕਿ ਪੰਜਾਬ ਨੇ ਕੇਂਦਰ ਸਰਕਾਰ ਤੋਂ 4300 ਕਰੋੜ ਰੁਪਏ ਲੈਣੇ ਹਨ। ਇਹ ਪੰਜਾਬ ਦਾ ਸੰਵਿਧਾਨਕ ਹੱਕ ਹੈ। ਪੰਜਾਬ ਸਰਕਾਰ ਕੇਂਦਰ ਤੋਂ ਖ਼ੈਰਾਤ ਨਹੀਂ ਮੰਗ ਰਹੀ ਬਲਕਿ ਸੰਵਿਧਾਨ ‘ਚ ਦਿਤੇ ਅਧਿਕਾਰਾਂ ਅਨੁਸਾਰ ਮੰਗ ਰਹੇ ਹਨ।