ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਆਪਣੇ ਮੰਤਰੀ ਮੰਡਲ ਦੇ ਇਕ ਮੰਤਰੀ ਦੇ ਕਰੋਨਾ ਪੀੜਤ ਹੋਣ ਤੋਂ ਬਾਅਦ ਸਾਰੀ ਕੈਬਨਿਟ ਨੂੰ ਕਰੋਨਾਵਾਇਰਸ ਦੇ ਟੈਸਟ ਕਰਵਾਉਣ ਦੀ ਸਲਾਹ ਦਿੱਤੀ ਹੈ। ਇਸ ਬਾਰੇ ਰਾਜ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ, “ਸਾਰੇ ਕੈਬਨਿਟ ਮੰਤਰੀ ਅੱਜ ਆਪਣੇ ਨਮੂਨੇ ਟੈਸਟਿੰਗ (ਕਰੋਨਵਾਇਰਸ) ਦੇਣਗੇ। ਉਨ੍ਹਾਂ ਦੇ ਨਤੀਜੇ ਅੱਜ ਸ਼ਾਮ ਜਾਂ ਕੱਲ੍ਹ ਆਉਣਗੇ।” ਅਧਿਕਾਰੀਆਂ ਨੇ ਕਿਹਾ ਕਿ ਮੁੱਖ ਮੰਤਰੀ ਨੇ ਆਪਣੇ ਮੰਤਰੀਆਂ ਨੂੰ ਸਾਵਧਾਨੀ ਦੇ ਤੌਰ ’ਤੇ ਟੈਸਟ ਕਰਵਾਉਣ ਦੀ ਸਲਾਹ ਦਿੱਤੀ ਹੈ। ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਬੀਤੇ ਦਿਨ ਕਰੋਨਾ ਪਾਜ਼ੇਟਿਵ ਨਿਕਲੇ ਸਨ। ਉਹ ਰਾਜ ਦੇ ਪਹਿਲੇ ਮੰਤਰੀ ਹਨ ਜਿਨ੍ਹਾਂ ਨੂੰ ਕਰੋਨਾ ਹੋਇਆ ਹੈ। ਸ੍ਰੀ ਸਿੱਧੂ ਨੇ ਕਿਹਾ ਕਿ ਬਾਜਵਾ, ਜੋ ਮੁਹਾਲੀ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਹਨ, ਦੀ ਹਾਲਤ ਸਥਿਰ ਹੈ। ਸਿਹਤ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਿਮਾਰੀ ਦੇ ਫੈਲਣ ਨੂੰ ਰੋਕਣ ਲਈ ਕੋਵਿਡ-19 ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ। ਲੋਕਾਂ ਨੂੰ ਸਮਾਜਿਕ ਦੂਰੀ ਰੱਖਣੀ ਚਾਹੀਦੀ ਹੈ ਅਤੇ ਮਾਸਕ ਪਹਿਨਣੇ ਚਾਹੀਦੇ ਹਨ।