ਕੇਂਦਰ ਸਰਕਾਰ ਦਾ ਕਿਸਾਨੀ ਨਾਲ ਧੱਕਾ ਬਰਦਾਸ਼ਤ ਨਹੀਂ ਕਰਾਂਗੇ: ਕੈਪਟਨ

0
1032

ਬੰਗਾ: ਇਥੋਂ ਨੇੜਲੇ ਪਿੰਡ ਖਟਕੜ ਕਲਾਂ ਵਿੱਚ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਮੌਕੇ ਨਤਮਸਤਕ ਹੁੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਦੇ ਨਾਂ ’ਤੇ ਕਿਸਾਨਾਂ ਨਾਲ ਕੀਤਾ ਜਾ ਰਿਹਾ ਧੱਕਾ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ ਉਹ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਬਿਲਾਂ ਖ਼ਿਲਾਫ਼ ਕਾਨੂੰਨੀ ਚਾਰਾਜੋਈ ਆਰੰਭਣਗੇ। ਮੁੱਖ ਮੰਤਰੀ ਨੇ ਕਿਹਾ ਕਿ ਭਲਕੇ ਦਿੱਲੀ ਤੋਂ ਉਚੇਚੇ ਤੌਰ ’ਤੇ ਪੁੱਜ ਰਹੇ ਕਾਨੂੰਨੀ ਮਾਹਿਰਾਂ ਨਾਲ ਇਸ ਮੁੱਦੇ ’ਤੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਕਿਸਾਨ ਮਾਰੂ ਫੈਸਲੇ ਦੀ ਸੁਪਰੀਮ ਕੋਰਟ ਰਾਹੀਂ ਕਾਟ ਕੀਤੀ ਜਾਵੇਗੀ। ਇਸ ਮੌਕੇ ਕਾਂਗਰਸ ਪਾਰਟੀ ਦੇ ਪੰਜਾਬ ਮਾਮਲਿਆਂ ਬਾਰੇ ਇੰਚਾਰਜ ਹਰੀਸ਼ ਰਾਵਤ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਵੀ ਮੁੱਖ ਮੰਤਰੀ ਦੇ ਉਪਰੋਕਤ ਐਲਾਨ ਦੀ ਪ੍ਰੋੜਤਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਕੀਤੇ ਇਸ ਧੱਕੇ ਖਿਲਾਫ਼ ਕਾਂਗਰਸ ਪਾਰਟੀ ਨੇ ਅੱਜ ਤੋਂ ਵੱਡੇ ਪੱਧਰ ’ਤੇ ਸੰਘਰਸ਼ ਆਰੰਭ ਦਿੱਤਾ ਹੈ ਅਤੇ ਉਹ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੇਂਦਰ ਦਾ ਡਟ ਕੇ ਮੁਕਾਬਲਾ ਕਰੇਗੀ। ਮੁੱਖ ਮੰਤਰੀ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਕਿਸਾਨ ਭਾਈਚਾਰੇ ਨੂੰ ‘ਤਬਾਹ’ ਕਰ ਦੇਣਗੇ। ਉਨ੍ਹਾਂ ਚੌਕਸ ਕਰਦਿਆਂ ਕਿਹਾ ਕਿ ਪਾਕਿਸਤਾਨ ਦੀ ਖੁਫੀਆ ਏਜੰਸੀ ਕਿਸਾਨਾਂ ਵਿਚਲੇ ਰੋਸ ਦਾ ਫਾਇਦਾ ਚੁੱਕਦਿਆਂ ਸਰਹੱਦੀ ਰਾਜ ਪੰਜਾਬ ਵਿੱਚ ਗੜਬੜੀ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਆਈਐੱਸਆਈ ਹਮੇਸ਼ਾ ਮੌਕੇ ਦੀ ਭਾਲ ’ਚ ਰਹਿੰਦੀ ਹੈ। ਪੰਜਾਬ ਸਰਕਾਰ ਨੇ ਪਿਛਲੇ ਸਾਢੇ ਤਿੰਨ ਸਾਲ ਦੇ ਕਾਰਜਕਾਲ ਦੌਰਾਨ ਲਗਪਗ 150 ਦਹਿਸ਼ਤਗਰਦਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਤੇ 700 ਦੇ ਕਰੀਬ ਹਥਿਆਰ ਜ਼ਬਤ ਕੀਤੇ ਹਨ। ਮੁੱਖ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਸ ਜਤਾਈ ਕਿ ਕਾਂਗਰਸ ਆਗੂ ਰਾਹੁਲ ਗਾਂਧੀ ਜਲਦੀ ਹੀ ਖੇਤੀ ਕਾਨੂੰਨਾਂ ਖਿਲਾਫ਼ ਪ੍ਰਦਰਸ਼ਨਾਂ ਦਾ ਹਿੱਸਾ ਬਣਨਗੇ। ਐੱਨਡੀਏ ਤੋਂ ਵੱਖ ਹੋਏ ਸ਼੍ਰੋਮਣੀ ਅਕਾਲੀ ਦਲ ਨੂੰ ਭੰਡਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਨੂੰ ਹੁਣ ਨੁਕਸਾਨ ਹੀ ਨੁਕਸਾਨ ਹੈ। ਇਸ ਤੋਂ ਪਹਿਲਾਂ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਮਾਮਲਿਆਂ ਦੇ ਨਵੇਂ ਇੰਚਾਰਜ ਹਰੀਸ਼ ਰਾਵਤ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਲੜਾਈ ਲੜੇਗੀ।