ਪ੍ਰਧਾਨ ਮੰਤਰੀ ਦੇ ਸੱਦੇ ਮਗਰੋਂ ਕਿਸਾਨ ਸਰਕਾਰ ਨਾਲ ਗੱਲਬਾਤ ਲਈ ਤਿਆਰ

0
838

ਦਿੱਲੀ: ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਕਿਸਾਨ ਯੂਨੀਅਨਾਂ ਨੇ ਅੱਜ ਕਿਹਾ ਹੈ ਕਿ ਉਹ ਅਗਲੇ ਗੇੜ ਦੀ ਗੱਲਬਾਤ ਲਈ ਤਿਆਰ ਹਨ ਅਤੇ ਕੇਂਦਰ ਸਰਕਾਰ ਮੀਟਿੰਗ ਲਈ ਤਰੀਕ ਅਤੇ ਸਮਾਂ ਦੱਸੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੰਦੋਲਨ ਖ਼ਤਮ ਕਰਨ ਦੀ ਅਪੀਲ ਅਤੇ ਗੱਲਬਾਤ ਰਾਹੀਂ ਮਸਲਾ ਹੱਲ ਕਰਨ ਦੇ ਦਿੱਤੇ ਸੱਦੇ ਮਗਰੋਂ ਕਿਸਾਨਾਂ ਦਾ ਇਹ ਬਿਆਨ ਆਇਆ ਹੈ। ਹਾਲਾਂਕਿ ਪ੍ਰਧਾਨ ਮੰਤਰੀ ਮੋਦੀ ਦੀ ਰਾਜ ਸਭਾ ਵਿੱਚ ਦਿੱਤੀ ਤਕਰੀਰ ਕਿ ਦੇਸ਼ ਵਿੱਚ ਅੰਦੋਲਨਕਾਰੀਆਂ ਦੀ ਨਵੀਂ ਪੀੜ੍ਹੀ ‘ਅੰਦੋਲਨਜੀਵੀ’ ਪੈਦਾ ਹੋ ਗਈ ਹੈ, ’ਤੇ ਇਤਰਾਜ਼ ਪ੍ਰਗਟਾਉਂਦਿਆਂ ਉਨ੍ਹਾਂ ਕਿਹਾ ਕਿ ਅੰਦੋਲਨ ਦੀ ਜਮਹੂਰੀਅਤ ਵਿੱਚ ਅਹਿਮ ਭੂਮਿਕਾ ਹੈ। ਸੰਯੁਕਤ ਕਿਸਾਨ ਮੋਰਚਾ ਦੇ ਸੀਨੀਅਰ ਮੈਂਬਰ ਅਤੇ ਅੰਦੋਲਨ ਦੇ ਸਿਰਕੱਢ ਆਗੂ ਸ਼ਿਵ ਕੁਮਾਰ ਕੱਕਾ ਨੇ ਕਿਹਾ ਕਿ ਉਹ ਅਗਲੇ ਗੇੜ ਦੀ ਗੱਲਬਾਤ ਲਈ ਤਿਆਰ ਹਨ ਅਤੇ ਸਰਕਾਰ ਨੂੰ ਮੀਟਿੰਗ ਲਈ ਤਰੀਕ ਅਤੇ ਸਮਾਂ ਤੈਅ ਕਰਨਾ ਚਾਹੀਦਾ ਹੈ। ਕੱਕਾ ਨੇ ਕਿਹਾ, ‘‘ਸਰਕਾਰ ਨਾਲ ਗੱਲਬਾਤ ਤੋਂ ਅਸੀਂ ਕਦੇ ਇਨਕਾਰ ਨਹੀਂ ਕੀਤਾ। ਜਦੋਂ ਵੀ ਸਾਨੂੰ ਗੱਲਬਾਤ ਲਈ ਬੁਲਾਇਆ ਗਿਆ, ਅਸੀਂ ਕੇਂਦਰੀ ਮੰਤਰੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਹੈ। ਅਸੀਂ ਸਰਕਾਰ ਨਾਲ ਹੁਣ ਵੀ ਗੱਲਬਾਤ ਲਈ ਤਿਆਰ ਹਾਂ।’’ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਪ੍ਰਧਾਨ ਡਾ. ਦਰਸ਼ਨ ਪਾਲ ਨੇ ਪ੍ਰਧਾਨ ਮੰਤਰੀ ਦੀ ਉਪਰੋਕਤ ਟਿੱਪਣੀ ਦੀ ਜ਼ੋਰਦਾਰ ਢੰਗ ਨਾਲ ਨਿਖੇਧੀ ਕਰਦਿਆਂ ਕਿਹਾ ਕਿ ਉਹ ਸ੍ਰੀ ਮੋਦੀ ਨੂੰ ਯਾਦ ਦਿਵਾਉਣਾ ਚਾਹੁੰਦੇ ਹਨ ਕਿ ਉਹ ‘ਅੰਦੋਲਨਜੀਵੀ’ ਹੀ ਸੀ, ਜਿਨ੍ਹਾਂ ਦੇਸ਼ ਨੂੰ ਬਸਤੀਵਾਦੀ ਸ਼ਾਸਕਾਂ ਦੀਆਂ ਬੇੜੀਆਂ ’ਚੋਂ ਆਜ਼ਾਦ ਕਰਵਾਇਆ ਸੀ। ਉਨ੍ਹਾਂ ਕਿਹਾ ਕਿ ਕਿਸਾਨ ਆਗੂਆਂ ਨੂੰ ‘ਅੰਦੋਲਨਜੀਵੀ’ ਹੋਣ ’ਤੇ ਮਾਣ ਹੈ। ਜ਼ਿਕਰਯੋਗ ਹੈ ਕਿ ਕਿਸਾਨ ਆਗੂਆਂ ਅਤੇ ਕੇਂਦਰ ਸਰਕਾਰ ਵਿਚਾਲੇ ਹੁਣ ਤੱਕ 11 ਗੇੜ ਦੀ ਗੱਲਬਾਤ ਹੋ ਚੁੱਕੀ ਹੈ। ਕਿਸਾਨ ਯੂਨੀਅਨਾਂ ਤਿੰਨ ਖੇਤੀ ਕਾਨੂੰਨਾਂ ਦੀ ਵਾਪਸੀ ਅਤੇ ਘੱਟੋ ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੀ ਮੰਗ ਕਰ ਰਹੀਆਂ ਹਨ।