ਪੰਜਾਬ ’ਚ ਪੈਰ ਪਸਾਰ ਰਿਹਾ ਕਰੋਨਾ: ਸਰਕਾਰ ਵੱਲੋਂ ਪਹਿਲੀ ਮਾਰਚ ਤੋਂ ਇਕੱਠਾਂ ਉਤੇ ਰੋਕ

0
956
Close up of microbiologist hand with surgical gloves holding a positive blood test result for coronavirus. Test tubes rack with blood sample for covid-19 virus, on white background with copy space.

ਚੰਡੀਗੜ੍ਹ: ਪੰਜਾਬ ਵਿੱਚ ਕਰੋਨਾਵਾਇਰਸ ਦੇ ਮੁੜ ਪੈਰ ਪਸਾਰਨ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਨਵੀਆਂ ਪਾਬੰਦੀਆਂ ਜਾਰੀ ਕੀਤੀਆਂ ਹਨ। ਸਰਕਾਰ ਨੇ ਅੱਜ ਅੰਦਰੂਨੀ ਅਤੇ ਬਾਹਰੀ ਇਕੱਠਾਂ ਸਬੰਧੀ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ, ਜੋ ਪਹਿਲੀ ਮਾਰਚ ਤੋਂ ਲਾਗੂ ਹੋਣਗੇ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਅਧਿਕਾਰ ਦਿੱਤੇ ਹਨ ਕਿ ਕਰੋਨਾ ਦੇ ਮਾਮਲੇ ਵਧਣ ਦੀ ਸੂਰਤ ਵਿੱਚ ਜੇ ਲੋੜ ਪਈ ਤਾਂ ਉਹ ਆਪਣੇ ਜ਼ਿਲ੍ਹਿਆਂ ਵਿੱਚ ਰਾਤ ਦਾ ਕਰਫਿਊ ਲਾਉਣ। ਇੱਕ ਅਧਿਕਾਰੀ ਨੇ ਬਿਆਨ ਵਿੱਚ ਦੱਸਿਆ ਕਿ ਕਰੋਨਾ ਦੀ ਸਥਿਤੀ ਸਬੰਧੀ ਵਰਚੂਅਲ ਮੁਲਾਂਕਣ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਹਿਲੀ ਮਾਰਚ ਤੋਂ ਅੰਦਰੂਨੀ ਅਤੇ ਬਾਹਰੀ ਪ੍ਰੋਗਰਾਮਾਂ ਸਬੰਧੀ ਇਕੱਠ ਕ੍ਰਮਵਾਰ 100 ਤੇ 200 ਲੋਕਾਂ ਤੱਕ ਸੀਮਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਅਧਿਕਾਰੀ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਮਾਸਕ ਪਾਉਣ ਅਤੇ ਸਮਾਜਿਕ ਦੂਰੀ ਸਬੰਧੀ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ। ਸੂਬੇ ਵਿੱਚ ਕਰੋਨਾ ਦੇ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਸਰਕਾਰ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ। ਮੁੱਖ ਮੰਤਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਮਾਈਕਰੋ-ਕੰਟੇਨਮੈਂਟ ਰਣਨੀਤੀ ਅਪਣਾਉਣ ਅਤੇ ਕੋਵਿਡ-19 ਹੌਟਸਪੌਟ ਵਾਲੇ ਖੇਤਰਾਂ ਵਿੱਚ ਲੋੜ ਪੈਣ ’ਤੇ ਰਾਤ ਦਾ ਕਰਫਿਊ ਲਾਉਣ ਦੇ ਅਧਿਕਾਰ ਦਿੱਤੇ ਗਏ ਹਨ। ਉਨ੍ਹਾਂ ਪੁਲੀਸ ਨੂੰ ਵੀ ਨਿਰਦੇਸ਼ ਦਿੱਤੇ ਹਨ ਕਿ ਲੋਕਾਂ ਨੂੰ ਮਾਸਕ ਪਾਉਣਾ ਯਕੀਨੀ ਬਣਾਇਆ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਸਿਨੇਮਾ ਹਾਲਾਂ ਵਿੱਚ ਦਰਸ਼ਕਾਂ ਦੀ ਗਿਣਤੀ ਘਟਾਉਣ ਸਬੰਧੀ ਫ਼ੈਸਲਾ ਪਹਿਲੀ ਮਾਰਚ ਤੋਂ ਬਾਅਦ ਲਿਆ ਜਾਵੇਗਾ। ਕੇਂਦਰ ਸਰਕਾਰ ਨੇ ਪੰਜਾਬ, ਮਹਾਰਾਸ਼ਟਰ, ਕੇਰਲਾ, ਛੱਤੀਸਗੜ੍ਹ ਅਤੇ ਮੱਧ ਪ੍ਰਦੇਸ਼ ਨੂੰ ਕਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਸਥਿਤੀ ’ਤੇ ਸਖ਼ਤ ਨਿਗਰਾਨੀ ਰੱਖਣ ਅਤੇ ਟੈਸਟ ਵਧਾਉਣ ਲਈ ਕਿਹਾ ਹੈ।