ਨਵੀਂ ਦਿੱਲੀ: ਕੇਂਦਰ ਵੱਲੋਂ ਤਿੰਨੋਂ ਖੇਤੀ ਕਾਨੂੰਨ ਵਾਪਸ ਲਏ ਜਾਣ ਦੇ ਐਲਾਨ ਮਗਰੋਂ ਸੰਯੁਕਤ ਕਿਸਾਨ ਮੋਰਚੇ ਨੇ ਸੰਘਰਸ਼ ਦੀ ਅਗਲੀ ਰਣਨੀਤੀ ਬਣਾਉਣ ਲਈ ਅੱਜ ਸਿੰਘੂ ਬਾਰਡਰ ’ਤੇ ਬੈਠਕ ਕੀਤੀ। ਇਸ ਦੌਰਾਨ ਫ਼ੈਸਲਾ ਲਿਆ ਗਿਆ ਕਿ ਮੋਰਚੇ ਵੱਲੋਂ ਉਲੀਕੇ ਗਏ ਪ੍ਰੋਗਰਾਮ ਪਹਿਲਾਂ ਵਾਂਗ ਜਾਰੀ ਰਹਿਣਗੇ। ਉਂਜ ਮੋਰਚੇ ਨੇ 27 ਨਵੰਬਰ ਨੂੰ ਇਕ ਹੋਰ ਮੀਟਿੰਗ ਸੱਦੀ ਹੈ।
ਸੰਯੁਕਤ ਕਿਸਾਨ ਮੋਰਚਾ ਨੇ ਐਲਾਨ ਕੀਤਾ ਕਿ ਕਿਸਾਨ ਅੰਦੋਲਨ ਜਾਰੀ ਰਹੇਗਾ ਅਤੇ ਭਵਿੱਖ ਦੀ ਰਣਨੀਤੀ ਬਣਾਉਣ ਲਈ 27 ਨਵੰਬਰ ਨੂੰ ਇੱਕ ਹੋਰ ਮੀਟਿੰਗ ਕੀਤੀ ਜਾਵੇਗੀ। 40 ਕਿਸਾਨ ਜਥੇਬੰਦੀਆਂ ’ਤੇ ਆਧਾਰਿਤ ਮੋਰਚੇ ਨੇ ਕੇਂਦਰ ਸਰਕਾਰ ਵੱਲੋਂ ਤਿੰਨ ਵਿਵਾਦਤ ਖੇਤੀ ਕਾਨੂੰਨ ਰੱਦ ਕਰਨ ਦੇ ਫੈਸਲੇ ਦਾ ਮੁਲਾਂਕਣ ਕੀਤਾ। ਇਸ ਦੌਰਾਨ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ, ਅੰਦੋਲਨ ਦੌਰਾਨ ਜਾਨਾਂ ਗੁਆ ਚੁੱਕੇ ਕਿਸਾਨਾਂ ਲਈ ਮੁਆਵਜ਼ਾ, ਕਿਸਾਨਾਂ ਵਿਰੁੱਧ ਦਰਜ ਕੇਸਾਂ ਅਤੇ ਹੋਰ ਮੰਗਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।