ਕਾਨੂੰਨ ਤੋੜਨ ਵਾਲਿਆਂ ਖਿ਼ਲਾਫ਼ ਸਖ਼ਤੀ ਨਾਲ ਨਜਿੱਠਾਂਗੇ: ਮੁੱਖ ਮੰਤਰੀ

0
460

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਪੰਜਾਬ ਦੀ ਅਮਨ-ਸ਼ਾਂਤੀ, ਏਕਤਾ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਹ ਡੂੰਘੀ ਸਾਜ਼ਿਸ਼ ਸੀ, ਪਰ ਸੂਬਾ ਸਰਕਾਰ ਨੇ ਅੰਮ੍ਰਿਤਪਾਲ ਸਮੇਤ ਅਜਿਹੇ ਸਾਰੇ ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੌਜਵਾਨਾਂ ਨੂੰ ਹਥਿਆਰ ਚੁੱਕਣ ਅਤੇ ਦੇਸ਼ ਵਿਰੁੱਧ ਗੈਰ-ਕਾਨੂੰਨੀ ਗਤੀਵਿਧੀਆਂ ਲਈ ਉਕਸਾਉਣ ਵਾਲੀ ਸੰਸਥਾ ਚਲਾ ਰਿਹਾ ਸੀ। ਉਨ੍ਹਾਂ ਕਿਹਾ ਕਿ ਕਾਨੂੰਨ ਤੋੜਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ 18 ਮਾਰਚ ਨੂੰ ਹੀ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਕਰ ਸਕਦੀ ਸੀ, ਪਰ ਉਹ ਕਦੇ ਵੀ ਖ਼ੂਨ-ਖ਼ਰਾਬਾ ਨਹੀਂ ਹੋਣ ਦੇਣਾ ਚਾਹੁੰਦੇ ਸਨ ਅਤੇ ਅੱਜ ਇੱਕ ਵੀ ਗੋਲੀ ਚਲਾਏ ਬਿਨਾਂ ਵੱਖਵਾਦੀ ਨੇਤਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।