ਪਠਾਨਕੋਟ ਦੇ ਕਿਸਾਨ ਦੀ ਧੀ ਬਣੀ ਭਾਰਤੀ ਫੌਜ ’ਚ ਕਮਿਸ਼ਨਡ ਅਫ਼ਸਰ

0
948

ਐੱਸਏਐੱਸ ਨਗਰ: ਪਠਾਨਕੋਟ ਦੇ ਕਿਸਾਨ ਦੀ ਧੀ ਪੱਲਵੀ ਰਾਜਪੂਤ ਭਾਰਤੀ ਫੌਜ ਵਿੱਚ ਲੈਫਟੀਨੈਂਟ ਨਿਯੁਕਤ ਹੋਈ ਹੈ। ਚੇਨੱਈ ਸਥਿਤ ਆਫ਼ੀਸਰਜ਼ ਟਰੇਨਿੰਗ ਅਕੈਡਮੀ ’ਚੋਂ ਸਿਖਲਾਈ ਮੁਕੰਮਲ ਕਰਨ ਮਗਰੋਂ ਅੱਜ ਪੱਲਵੀ ਨੇ ਪਾਸਿੰਗ ਆਊਟ ਪਰੇਡ ਵਿੱਚ ਹਿੱਸਾ ਲਿਆ। ਪਰੇਡ ਦਾ ਨਿਰੀਖਣ ਵਾਈਸ ਚੀਫ ਆਫ ਆਰਮੀ ਸਟਾਫ਼ ਲੈਫਟੀਨੈਂਟ ਜਨਰਲ ਐੱਨਐੱਸ ਰਾਜਾ ਸੁਬਰਾਮਣੀ ਨੇ ਕੀਤਾ।

ਆਰਟਿਲਰੀ ਰੈਜੀਮੈਂਟ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਨਿਯੁਕਤ ਹੋਈ ਲੈਫ਼ਟੀਨੈਂਟ ਪੱਲਵੀ ਰਾਜਪੂਤ ਪਠਾਨਕੋਟ ਦੇ ਕਿਸਾਨ ਰਾਵਿੰਦਰ ਸਿੰਘ ਦੀ ਧੀ ਹੈ। ਉਹ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਮੁਹਾਲੀ ਦੀ ਸਾਬਕਾ ਕੈਡੇਟ ਹੈ।

ਲੈਫਟੀਨੈਂਟ ਪੱਲਵੀ ਰਾਜਪੂਤ ਨੂੰ ਉਸ ਦੀ ਸ਼ਾਨਦਾਰ ਪ੍ਰਾਪਤੀ ’ਤੇ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੱਲਵੀ ਦੀ ਸਫਲਤਾ ਪੰਜਾਬ ਦੀਆਂ ਹੋਰ ਧੀਆਂ ਨੂੰ ਰੱਖਿਆ ਸੇਵਾਵਾਂ ਵਿੱਚ ਕਰੀਅਰ ਬਣਾਉਣ ਲਈ ਪ੍ਰੇਰਿਤ ਕਰੇਗੀ। ਪੰਜਾਬ ਸਰਕਾਰ ਨੇ ਮਾਈ ਭਾਗੋ ਇੰਸਟੀਚਿਊਟ ਮੁਹਾਲੀ ਵਿੱਚ ਮੌਜੂਦ ਗਰੈਜੂਏਟ ਵਿੰਗ ਤੋਂ ਇਲਾਵਾ ਜੁਲਾਈ 2023 ਵਿੱਚ ਕੁੜੀਆਂ ਲਈ ਐੱਨਡੀਏ ਪ੍ਰੈਪਰੇਟਰੀ ਵਿੰਗ ਦੀ ਵੀ ਸਥਾਪਨਾ ਕੀਤੀ ਹੈ।

ਸ੍ਰੀ ਅਰੋੜਾ ਨੇ ਦੱਸਿਆ ਕਿ ਐੱਨਡੀਏ ਪ੍ਰੈਪਰੇਟਰੀ ਵਿੰਗ ਦੇ ਤੀਜੇ ਬੈਚ ਲਈ ਦਾਖ਼ਲਾ ਪ੍ਰੀਖਿਆ ਜਨਵਰੀ 2025 ਵਿੱਚ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਸੰਸਥਾ ਹੈ, ਜਿੱਥੇ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਰਿਹਾਇਸ਼ੀ ਕੈਂਪਸ ਵੀ ਹੈ। ਸੰਸਥਾ ਦੇ ਸਾਬਕਾ ਕੈਡਿਟਾਂ ਦੀ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰਾਂ ਵਜੋਂ ਨਿਯਮਤ ਤੌਰ ’ਤੇ ਨਿਯੁਕਤੀ ’ਤੇ ਮਾਈ ਭਾਗੋ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ (ਸੇਵਾਮੁਕਤ) ਜਸਬੀਰ ਸਿੰਘ ਸੰਧੂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ।