ਚੰਡੀਗੜ੍ਹ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਵਿਧਾਨ ਸਭਾ ’ਚ ਅੱਜ ‘ਆਪ’ ਸਰਕਾਰ ਦਾ ਵਿੱਤੀ ਵਰ੍ਹੇ 2025-26 ਦਾ 2.36 ਲੱਖ ਕਰੋੜ ਰੁਪਏ ਦਾ ਚੌਥਾ ਬਜਟ ਪੇਸ਼ ਕੀਤਾ ਜਿਸ ’ਚ ਨਾ ਕੋਈ ਨਵਾਂ ਟੈਕਸ ਲਾਇਆ ਗਿਆ ਹੈ ਅਤੇ ਨਾ ਹੀ ਔਰਤਾਂ ਨੂੰ ਪ੍ਰਤੀ ਮਹੀਨਾ ਇੱਕ ਹਜ਼ਾਰ ਰੁਪਏ ਦਾ ਮਾਣ ਭੱਤਾ ਦੇਣ ਦਾ ਕੋਈ ਐਲਾਨ ਕੀਤਾ ਗਿਆ ਹੈ। ਇਹ ਬਜਟ ਪਿਛਲੇ ਵਰ੍ਹੇ ਦੇ ਬਜਟ ਨਾਲੋਂ ਕਰੀਬ 15 ਫ਼ੀਸਦੀ ਜ਼ਿਆਦਾ ਹੈ। ਬੇਸ਼ੱਕ ਅਸੈਂਬਲੀ ਚੋਣਾਂ ’ਚ ਹਾਲੇ ਦੋ ਵਰ੍ਹੇ ਬਾਕੀ ਹਨ ਪ੍ਰੰਤੂ ਬਜਟ ’ਤੇ ਚੋਣਾਂ ਦਾ ਅਗਾਊਂ ਪਰਛਾਵਾਂ ਦੇਖਣ ਨੂੰ ਮਿਲਿਆ।
ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ’ਚ ਵਿੱਤ ਮੰਤਰੀ ਚੀਮਾ ਨੇ ਬਜਟ ਪੇਸ਼ ਕਰਦਿਆਂ ਕਿਹਾ ਕਿ ਉਹ ‘ਵੱਸਦਾ ਪੰਜਾਬ’ ਤੇ ‘ਮਜ਼ਬੂਤ ਪੰਜਾਬ’ ਬਣਾਉਣ ਲਈ ਅੱਗੇ ਵਧ ਰਹੇ ਹਨ। ਬਜਟ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ਅਮਨ ਕਾਨੂੰਨ ਦੀ ਵਿਵਸਥਾ ’ਚ ਸੁਧਾਰ ਹਿੱਤ ਸਿਹਤ ਅਤੇ ਸਿੱਖਿਆ ਦੇ ਬੁਨਿਆਦੀ ਢਾਂਚੇ ’ਤੇ ਕੇਂਦਰਿਤ ਹੈ। ਵਿੱਤ ਮੰਤਰੀ ਵੱਲੋਂ ਪੇਸ਼ ਬਜਟ ’ਚ ਸੰਜਮੀ ਝਲਕ ਮਿਲੀ ਹੈ ਅਤੇ ਕਿਸੇ ਵਰਗ ਨੂੰ ਖ਼ੁਸ਼ ਕਰਨ ਦੀ ਥਾਂ ਸਮੁੱਚੇ ਪੰਜਾਬ ਦੀਆਂ ਅਲਾਮਤਾਂ ਨਾਲ ਨਜਿੱਠਣ ਨੂੰ ਤਰਜੀਹ ਦਿੱਤੀ ਗਈ ਹੈ। ਵਿੱਤ ਮੰਤਰੀ ਨੇ ‘ਬਦਲਦਾ ਪੰਜਾਬ’ ਥੀਮ ਹੇਠ ਪੇਸ਼ ਬਜਟ ਨੂੰ ਵਿੱਤੀ ਮਜ਼ਬੂਤੀ ਵਾਲਾ ਦੱਸਦਿਆਂ ਕਿਹਾ ਕਿ ਮਾਲੀਆ ਅਤੇ ਵਿੱਤੀ ਘਾਟਾ ਦੋਵੇਂ ਕਾਬੂ ਹੇਠ ਹਨ। ਬਜਟ ਸੂਬੇ ਦਾ ਜਨਤਕ ਕਰਜ਼ਾ ਤੇਜ਼ੀ ਨਾਲ ਵਧਣ ਦੀ ਗੱਲ ਕਰ ਰਿਹਾ ਹੈ ਜੋ ਅਗਲੇ ਸਾਲ ਤੱਕ 4.17 ਲੱਖ ਕਰੋੜ ਨੂੰ ਛੂਹ ਜਾਵੇਗਾ। ਕੁੱਲ ਮਾਲੀਆ ਘਾਟਾ 23,957.28 ਕਰੋੜ ਰੁਪਏ ਰਹਿਣ ਦਾ ਅਨੁਮਾਨ ਹੈ ਜੋ ਕੁੱਲ ਰਾਜ ਘਰੇਲੂ ਉਤਪਾਦ ਦਾ 2.51 ਫ਼ੀਸਦੀ ਹੈ। ਸੂਬਾ ਸਰਕਾਰ ਨੂੰ ਜੀਐੱਸਟੀ, ਵੈਟ ਅਤੇ ਆਬਕਾਰੀ ਡਿਊਟੀਆਂ ਤੋਂ 111740.32 ਕਰੋੜ ਦਾ ਮਾਲੀਆ ਇਕੱਠਾ ਹੋਣ ਦੀ ਆਸ ਹੈ। ਕੇਂਦਰੀ ਟੈਕਸਾਂ ’ਚੋਂ 25703 ਕਰੋੜ ਅਤੇ ਕੇਂਦਰ ਤੋਂ ਗਰਾਂਟਾਂ ਦੇ ਰੂਪ ਵਿੱਚ 10576 ਕਰੋੜ ਰੁਪਏ ਮਿਲਣ ਦਾ ਅਨੁਮਾਨ ਹੈ। ਵਰ੍ਹਾ 2025-26 ’ਚ ਸੂਬੇ ਦੀ ਬਿਜਲੀ ਸਬਸਿਡੀ ਦਾ ਬਿੱਲ 20,500 ਕਰੋੜ ਰੁਪਏ ਹੋਵੇਗਾ। ਪਾਵਰਕੌਮ ਦੀ ਪੈਂਡਿੰਗ 1804 ਕਰੋੜ ਰੁਪਏ ਦੀ ਸਬਸਿਡੀ ਤਾਰਨ ਲਈ ਬਜਟ ’ਚ ਕੋਈ ਤਜਵੀਜ਼ ਨਹੀਂ ਕੀਤੀ ਗਈ।