ਸਿੱਖ ਸ਼ਰਧਾਲੂਆਂ ਨੂੰ ਮਲਟੀਪਲ ਤੇ ਆਨ-ਅਰਾਈਵਲ ਵੀਜ਼ਾ ਮਿਲੇਗਾ: ਇਮਰਾਨ

0
1029

ਅੰਮ੍ਰਿਤਸਰ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਨੂੰ ਸਿੱਖ ਭਾਈਚਾਰੇ ਲਈ ‘ਮਦੀਨਾ’ ਅਤੇ ਸ੍ਰੀ ਨਨਕਾਣਾ ਸਾਹਿਬ ਨੂੰ ‘ਮੱਕਾ’ ਦੱਸਦਿਆਂ ਕਿਹਾ ਹੈ ਕਿ ਮੁਸਲਮਾਨ ਕਿਸੇ ਨੂੰ ਮੱਕਾ ਜਾਂ ਮਦੀਨਾ ਤੋਂ ਦੂਰ ਰੱਖਣ ਦੀ ਕਲਪਨਾ ਵੀ ਨਹੀਂ ਕਰ ਸਕਦੇ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਭਾਰਤ ਤੇ ਹੋਰਨਾਂ ਦੇਸ਼ਾਂ ਤੋਂ ਆਉਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਮਲਟੀਪਲ ਵੀਜ਼ਾ ਤੇ ਆਨ-ਅਰਾਈਵਲ ਵੀਜ਼ਾ ਜਾਰੀ ਕਰੇਗੀ ਅਤੇ ਸਿੱਖ ਸ਼ਰਧਾਲੂਆਂ ਨੂੰ ਉਨ੍ਹਾਂ ਦੇ ਪਾਕਿਸਤਾਨ ਸਥਿਤ ਧਾਰਮਿਕ ਅਸਥਾਨਾਂ ਦੀ ਯਾਤਰਾ ਦੌਰਾਨ ਵੱਧ ਤੋਂ ਵੱਧ ਸੰਭਵ ਸਹੂਲਤਾਂ ਪ੍ਰਦਾਨ ਕਰੇਗੀ। ਇਮਰਾਨ ਖ਼ਾਨ ਨੇ ਕਿਹਾ ਕਿ ਧਾਰਮਿਕ ਅਸਥਾਨਾਂ ਦੀ ਯਾਤਰਾ ਲਈ ਪਾਕਿਸਤਾਨ ਆਉਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਬਿਨਾਂ ਕਿਸੇ ਮੁਸ਼ਕਿਲ ਦੇ ਵੀਜ਼ੇ ਜਾਰੀ ਕਰਨਾ ਸਾਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਬਾਹਰੋਂ ਆਉਣ ਵਾਲੇ ਯਾਤਰੂਆਂ ਨੂੰ ਹਵਾਈ ਅੱਡੇ ‘ਤੇ ਵੀਜ਼ਾ ਸਹੂਲਤ ਦਿੱਤੇ ਜਾਣ ਦੀ ਵੀ ਯੋਜਨਾ ਬਣਾਈ ਜਾ ਰਹੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸੱਤਾ ‘ਚ ਆਉਣ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਨੇ ਮਹਿਸੂਸ ਕੀਤਾ ਕਿ ਤੀਰਥ ਯਾਤਰੂਆਂ ਜਾਂ ਸੈਰ-ਸਪਾਟਾ ਲਈ ਪਾਕਿ ਦਾ ਦੌਰਾ ਕਰਨ ਦੇ ਇੱਛੁਕ ਵਿਦੇਸ਼ੀ ਲੋਕਾਂ ਨੂੰ ਪਾਕਿਸਤਾਨ ਦਾ ਵੀਜ਼ੇ ਲੈਣ ਲਈ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਨੂੰ ਵਿਚਾਰਦਿਆਂ ਵੀਜ਼ਾ ਪ੍ਰਣਾਲੀ ‘ਚ ਕਈ ਤਬਦੀਲੀਆਂ ਕੀਤੀਆਂ ਗਈਆਂ ਤੇ ਵੀਜ਼ਾ ਨਿਯਮਾਂ ਨੂੰ ਆਸਾਨ ਬਣਾਉਣ ਦੇ ਉਪਰਾਲੇ ਹੁਣ ਵੀ ਲਗਾਤਾਰ ਕੀਤੇ ਜਾ ਰਹੇ ਹਨ। ਇਸ ਸਭ ਦੇ ਬਾਵਜੂਦ ਅਜੇ ਵੀ ਭਾਰਤ ਸਮੇਤ ਹੋਰਨਾਂ ਮੁਲਕਾਂ ਤੋਂ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਵੀਜ਼ਾ ਸਬੰਧੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਨ੍ਹਾਂ ਨੂੰ ਆਉਂਦੇ ਕੁਝ ਮਹੀਨਿਆਂ ‘ਚ ਹੱਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ, ਨਾਰੋਵਾਲ ਤੇ ਹਸਨ ਅਬਦਾਲ ਸ਼ਹਿਰਾਂ ਦੇ ਸਾਰੇ ਪ੍ਰਮੁੱਖ ਰਸਤਿਆਂ ਨੂੰ ਦਿਲਖਿੱਚ ਰੂਪ ਦਿੱਤਾ ਜਾਵੇਗਾ ਤੇ ਇਸ ਮੌਕੇ ਭਾਰਤ ਤੋਂ ੧੦ ਹਜ਼ਾਰ ਯਾਤਰੂਆਂ ਲਈ ਵੀਜ਼ਾ ਜਾਰੀ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਭਰੋਸਾ ਦਿਵਾਇਆ ਕਿ ਪ੍ਰਕਾਸ਼ ਪੁਰਬ ਨੂੰ ਯਾਦਗਾਰੀ ਬਣਾਉਣ ‘ਚ ਪਾਕਿ ਸਰਕਾਰ ਕੋਈ ਕਸਰ ਨਹੀਂ ਛੱਡੇਗੀ।